ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਬੁੱਧਵਾਰ ਨੂੰ ਇਕੱਲੇ ਹੀ ਅਹੁਦੇ ਦੀ ਸਹੁੰ ਚੁੱਕਣਗੇ । ਉਹ 16 ਮਾਰਚ ਨੂੰ ਦੁਪਹਿਰ 12.30 ਵਜੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ । ਇਸ ਸਹੁੰ ਚੁੱਕ ਸਮਾਗਮ ਲਈ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਹੈ।
ਪੰਜਾਬੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਭਗਵੰਤ ਮਾਨ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ। ਭਗਵੰਤ ਮਾਨ ਨੇ ਇਸ ਵੀਡੀਓ ਸੰਦੇਸ਼ ਵਿੱਚ ਕਿਹਾ, “ਆਉ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ। ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਅਤੇ ਭੈਣਾਂ ਨੂੰ ਪੀਲੀ ਚੁੰਨੀ ਲੈ ਕੇ ਆਉਣ ਦੀ ਬੇਨਤੀ ਕਰਦਾ ਹਾਂ। ਅਸੀਂ ਉਸ ਦਿਨ ਖਟਕੜ ਕਲਾਂ ਨੂੰ ‘ਬਸੰਤੀ ਰੰਗ’ ਵਿੱਚ ਰੰਗਾਂਗੇ।”
ਇਹ ਵੀ ਪੜ੍ਹੋ: ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ
ਦੱਸ ਦੇਈਏ ਕਿ ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਬਾਅਦ ਵਿੱਚ ਹੋਵੇਗਾ, ਜਿਸ ਵਿੱਚ 17 ਮੈਂਬਰ ਹੋ ਸਕਦੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 117 ਵਿੱਚੋਂ 92 ਸੀਟਾਂ ਜਿੱਤੀਆਂ ਹਨ। ਭਗਵੰਤ ਮਾਨ ਨੇ ਹਲਕਾ ਧੂਰੀ ਵਿੱਚ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ 58,206 ਵੋਟਾਂ ਨਾਲ ਮਾਤ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: