ਪਟਿਆਲਾ : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਪਟਿਆਲਾ ਡਵੀਜ਼ਨ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਆਪੋ-ਆਪਣੇ ਜ਼ਿਲ੍ਹਿਆਂ ਅੰਦਰ ਸਰਕਾਰੀ ਦਫ਼ਤਰਾਂ ‘ਚ ਸਮੇਂ ਦੀ ਪਾਬੰਦੀ ਵੱਲ ਧਿਆਨ ਦੇਣ ਸਮੇਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਨਿਪਟਾਉਣ ਨੂੰ ਪੂਰੀ ਤਵੱਜੋ ਦਿੱਤੀ ਜਾਵੇ। ਉਨ੍ਹਾਂ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕਰਦਿਆਂ ਕਿਹਾ ਹੈ ਕਿ ਜਿੱਥੇ ਅਧਿਕਾਰੀ ਖ਼ੁਦ ਆਪਣੇ ਦਫ਼ਤਰਾਂ ‘ਚ ਦਫ਼ਤਰੀ ਸਮੇਂ ਦੌਰਾਨ ਹਾਜ਼ਰ ਰਹਿਣਾ ਯਕੀਨੀ ਬਣਾਉਣ ਉਥੇ ਹੀ ਆਪਣੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਅੰਦਰ ਸਮੂਹ ਅਮਲੇ ਦੀ ਹਾਜ਼ਰੀ ਸਮੇਂ-ਸਮੇਂ ‘ਤੇ ਚੈਕ ਕੀਤੀ ਜਾਵੇ।
ਚੰਦਰ ਗੈਂਦ ਨੇ ਪਟਿਆਲਾ, ਸੰਗਰੂਰ, ਲੁਧਿਆਣਾ, ਮਲੇਰਕੋਟਲਾ, ਬਰਨਾਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸਰਕਾਰੀ ਦਫ਼ਤਰਾਂ ‘ਚ ਆਪਣੇ ਕੰਮਾਂ-ਕਾਰਾਂ ਲਈ ਆਉਣ ਵਾਲੇ ਆਮ ਨਾਗਰਿਕਾਂ ਨੂੰ ਪੂਰਾ ਇਜ਼ਤ ਮਾਣ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰਾਂ ‘ਚ ਆਉਣ ਵਾਲੇ ਲੋਕਾਂ ਨੂੰ ਪਹਿਲਾਂ ਬੈਠਣ ਨੂੰ ਕੁਰਸੀ ਮਿਲੇ, ਪੀਣ ਨੂੰ ਪਾਣੀ ਦੇਣ ਸਮੇਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ।
ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸਮੂਹ ਕਰਮਚਾਰੀ ਅਤੇ ਅਧਿਕਾਰੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਫ਼ਤਰਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੇ ਕਰਮਚਾਰੀ ਅਤੇ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਇੰਨ-ਬਿੰਨ ਕਰਨ ‘ਚ ਕੁਤਾਹੀ ਕਰਨਗੇ, ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਉਨ੍ਹਾਂ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜਿਹੜੇ ਲੋਕ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਸਰਕਾਰੀ ਦਫ਼ਤਰਾਂ ਵਿਖੇ ਆਪਣੇ ਕੰਮ-ਕਾਜ ਕਰਵਾਉਣ ਲਈ ਆਉਂਦੇ ਹਨ, ਉਨ੍ਹਾਂ ਨੂੰ ਪੂਰਾ ਮਾਣ-ਆਦਰ ਮਿਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਵਾਜਬ ਹੱਲ ਜਲਦੀ ਤੋਂ ਜਲਦੀ ਕੱਢਿਆ ਜਾਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅੱਗੇ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਬੇਵਜਾਹ ਸਰਕਾਰੀ ਦਫ਼ਤਰਾਂ ‘ਚ ਚੱਕਰ ਲਾਉਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਕਿ ਆਮ ਲੋਕ ਦਫ਼ਤਰਾਂ ‘ਚ ਆਉਣ ‘ਤੇ ਮਾਣ ਮਹਿਸੂਸ ਕਰਨ।