ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਹੁਣ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ੇਰ-ਏ-ਆਜ਼ਮ ਦੇ ਬੁੱਤ ਲੱਗਣਗੇ। ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਬੁੱਤਾਂ ਲਗਾਉਣ ਲਈ ਪੇਸ਼ ਕੀਤੇ ਗਏ ਮਤੇ ਨੂੰ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਵਿਧਾਨ ਸਭਾ ਵਿੱਚ ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਇੱਕ ਰਿਣੀ ਕੌਮ ਵਜੋਂ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦੇ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸੇ ਤਰ੍ਹਾਂ ਡਾ. ਬੀ.ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇ ਮੁੱਖ ਆਰਕੀਟੈਕਟ ਵਜੋਂ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਯੁੱਗ ਵਿੱਚ ਦੇਸ਼ ਦੀ ਕਿਸਮਤ ਨੂੰ ਆਕਾਰ ਦਿੱਤਾ।
ਇਨ੍ਹਾਂ ਮਹਾਨ ਆਗੂਆਂ ਨੂੰ ਦੇਸ਼ ਦਾ ਰੋਲ ਮਾਡਲ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮਹਾਨ ਆਗੂਆਂ ਦਾ ਜੀਵਨ ਸਾਡੇ ਲੱਖਾਂ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਤਰ੍ਹਾਂ ਖਾਲਸਾ ਰਾਜ ਦੇ ਬਾਨੀ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਉਸਾਰਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਸ ਦੌਰਾਨ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਬੁੱਧਵਾਰ 23 ਮਾਰਚ ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕਰਨ ਦਾ ਵੀ ਐਲਾਨ ਕੀਤਾ।