ਪੰਜਾਬ ਦੀਆਂ ਰਾਜ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਵੱਲੋਂ 5 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਇਨ੍ਹਾਂ ਉਮੀਦਵਾਰਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਨਾਮਜ਼ਦਗੀਆਂ ਨੂੰ ਲੈ ਕੇ ‘ਆਪ’ ਸਰਕਾਰ ‘ਤੇ ਹਮਲਾ ਬੋਲਿਆ ਹੈ।
ਪ੍ਰਗਟ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਜਿਹਾ ਕਰਕੇ ਲੋਕਾਂ ਵੱਲੋਂ ਦਿੱਤੇ ਗਏ ਫ਼ਤਵੇ ਦਾ ਅਪਮਾਨ ਤੇ ਸੂਬਾ ਵਾਸੀਆਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਜਿਹੜੇ 5 ਚਿਹਰੇ ਐਲਾਨੇ ਗਏ ਹਨ, ਉਨ੍ਹਾਂ ਵਿਚੋਂ 2 ਤਾਂ ਪੰਜਾਬ ਦੇ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਜਿਹੜੇ ਉਮੀਦਵਾਰ ਪੰਜਾਬੀ ਹੀ ਨਹੀਂ ਹਨ, ਉਹ ਭਲਾ ਪੰਜਾਬ ਦੇ ਮੁੱਦਿਆ ਨੂੰ ਕਿਵੇਂ ਸਮਝਣਗੇ ਤੇ ਅੱਗੋਂ ਰਾਜ ਸਭਾ ਵਿੱਚ ਕਿਵੇਂ ਪੇਸ਼ ਕਰਨਗੇ? ਉਨ੍ਹਾਂ ਕਿਹਾ ਕਿ ਮੈਂ ਤਾਂ ਪਹਿਲਾਂ ਹੀ ਭਗਵੰਤ ਮਾਨ ਨੂੰ ਕਿਹਾ ਸੀ ਕਿ ਦਿੱਲੀ ਵਾਲਿਆਂ ਤੋਂ ਬਚ ਕੇ ਰਹਿਣਾ ਇਹ ਬਹੁਤ ਖਰਾਬ ਕਰਦੇ ਹਨ।
ਸਾਬਕਾ ਸਿੱਖਿਆ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਸੰਜੀਵ ਅਰੋੜਾ ਬਾਰੇ ਮੈਨੂੰ ਸਭ ਕੁਝ ਪਤਾ ਹੈ। ਉਨ੍ਹਾਂ CM ਮਾਨ ਨੂੰ ਅਪੀਲ ਕੀਤੀ ਕਿ ਉਸ ਦੀ ਇੰਟਰਨਲ ਜਾਂਚ ਕਰਵਾਈ ਜਾਵੇ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਸਲਾਹ ਦੇਣਾ ਚਾਹੁੰਦਾ ਹਾਂ ਕਿ ਭਗਤ ਸਿੰਘ ਦੀ ਗੱਲ ਕਰਨੀ ਸੌਖੀ ਹੈ, ਉਨ੍ਹਾਂ ਦੇ ਰਾਹ ਉਤੇ ਤੁਰਨਾ ਔਖਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਜਿਹੜੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਵਿਚ AAP ਆਗੂ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ, IIT ਪ੍ਰੋਫ਼ੈਸਰ ਸੰਦੀਪ ਪਾਠਕ, ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਫਾਊਂਡਰ ਅਸ਼ੋਕ ਮਿੱਤਲ ਤੇ ਉਦਯੋਗਪਤੀ ਸੰਜੀਵ ਅਰੋੜਾ ਹਨ। ‘ਆਪ’ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੀ ਥਾਂ ਹੋਰਨਾਂ ਸੂਬਿਆਂ ਤੋਂ ਮੈਂਬਰ ਭੇਜਣ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ ।