ਭੁਲੱਥ ਤੋਂ ਵਿਧਾਇਕ ਖਹਿਰਾ ਨੇ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਘੇਰਿਆ ਹੈ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਰੇਤ ਦੀ ਕਾਲਾਬਾਜ਼ਾਰੀ ਸਬੰਧੀ ਵਿਧਾਨ ਸਭਾ ਵਿਚ ਵ੍ਹਾਈਟ ਪੇਪਰ ਲਿਆਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਮਾਈਨਿੰਗ ਦੇ 20 ਹਜ਼ਾਰ ਕਰੋੜ ਰੁਪਏ ਕਿੱਥੇ ਹਨ? ਖਹਿਰਾ ਨੇ ਦੋਸ਼ ਲਗਾਇਆ ਕਿ ਗੈਰ-ਕਾਨੂੰਨੀ ਮਾਈਨਿੰਗ ਅਜੇ ਵੀ ਲਗਾਤਾਰ ਚੱਲ ਰਹੀ ਹੈ। ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਪਰਦਾਫਾਸ਼ ਕਰਨਾ ਚਾਹੀਦਾ ਹੈ।
ਖਹਿਰਾ ਨੇ ਕਿਹਾ ਕਿ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਸੀ ਕਿ ਉਹ ਸੱਤਾ ਵਿਚ ਆਉਂਦੇ ਹੀ ਗੈਰ-ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣਗੇ ਤੇ ਇਸ ਵਿਚ ਸ਼ਾਮਲ ਦੋਸ਼ੀਆਂ ਨੂੰ ਜਲਦ ਹੀ ਬੇਨਕਾਬ ਕਰਨਗੇ ਪਰ ਅਜੇ ਤੱਕ ਅਜਿਹਾ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਸੀ ਕਿ ਰੇਤ ਮਾਫੀਆ ਨੂੰ ਨੱਥ ਪਾ ਕੇ ਰੇਤ ਸਬੰਧੀ ਸਹੀ ਪਾਲਿਸੀ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਸੂਬੇ ਦੇ ਖਜ਼ਾਨੇ ਵਿਚ ਇਸ ਦੇ ਕਾਰੋਬਾਰ ਰਾਹੀਂ ਘੱਟੋ ਘੱਟ 20,000 ਕਰੋੜ ਰੁਪਏ ਪਾਵੋਗੇ।
ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਿਆਸਤਦਾਨਾਂ, ਨੌਕਰਸ਼ਾਹਾਂ ਅਤੇ ਵਿਚੋਲਿਆਂ ਦਾ ਪਰਦਾਫਾਸ਼ ਕੀਤਾ ਜਾਵੇ ਜਿਨ੍ਹਾਂ ਦੇ ਰੇਤ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਹੱਥ ਰੰਗੇ ਹੋਏ ਹਨ ਅਤੇ ਜੋ ਇਸ ਕਾਰੋਬਾਰ ਦੀ ਕਾਲਾਬਾਜ਼ਾਰੀ ਨਾਲ ਸੂਬੇ ਨੂੰ ਕਰੋੜਾਂ ਰੁਪਏ ਦੇ ਜਾਇਜ਼ ਮਾਲੀਏ ਤੋਂ ਵਾਂਝਾ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਖਹਿਰਾ ਨੇ ਕਿਹਾ ਕਿ ਮੈਂ ਮਾਨ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਵਿਧਾਨ ਸਭਾ ਵਿਚ ਵ੍ਹਾਈਟ ਪੇਪਰ ਲਿਆਉਣ ਤਾਂ ਜੋ ਉਪਰੋਕਤ ਗਤੀਵਿਧੀਆਂ ਵਿੱਚ ਸ਼ਾਮਲ ਕਾਲੀਆਂ ਭੇਡਾਂ ਨੂੰ ਪੰਜਾਬ ਦੇ ਲੋਕਾਂ ਦੇ ਸਾਹਮਣੇ ਬੇਨਕਾਬ ਕੀਤਾ ਜਾ ਸਕੇ। ਰਾਜ ਸਰਕਾਰ ਵੱਲੋਂ ਇਸ ਮੁੱਦੇ ‘ਤੇ ਮਾਈਨਿੰਗ ਨੀਤੀ ਬਣਾਉਣ ਤੋਂ ਪਹਿਲਾਂ ਅਜਿਹਾ ਕੀਤਾ ਜਾਣਾ ਚਾਹੀਦਾ ਹੈ।