ਖੇਤੀ ਸੁਧਾਰ ਕਾਨੂੰਨਾਂ ਦੀ ਮੁੜ ਤੋਂ ਚਰਚਾ ਸ਼ੁਰੂ ਹੋ ਗਈ ਹੈ। ਭਾਜਪਾ ਆਗੂਆਂ ਵੱਲੋਂ ਫਿਰ ਤੋਂ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਵਾਉਣੇ ਸ਼ੁਰੂ ਕਰ ਦਿੱਤੇ ਗਏ ਹਨ। BJP ਆਗੂ ਹਰਜੀਤ ਗਰੇਵਾਲ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀ ਸੁਧਾਰ ਵਾਸਤੇ ਖੇਤੀ ਕਾਨੂੰਨ ਬਹੁਤ ਹੀ ਜ਼ਰੂਰੀ ਹਨ ਤੇ ਕਿਸਾਨਾਂ ਨਾਲ ਸਲਾਹ ਕਰਕੇ ਇਨ੍ਹਾਂ ਨੂੰ ਮੁੜ ਤੋਂ ਲਿਆਂਦਾ ਜਾਣਾ ਚਾਹੀਦਾ ਹੈ।
ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਖੇਤੀਬਾੜੀ ਦੀ ਵਿਵਸਥਾ ਹੈ, ਕਿਸਾਨ ਸੁਸਾਈਡ ਕਰ ਰਹੇ ਹਨ। ਖੇਤੀ ਘਾਟੇ ਦਾ ਧੰਦਾ ਬਣਦੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ 2021-22 ਵਿਚ ਖੇਤੀਬਾੜੀ ਦੀ ਵਿਕਾਸ ਦਰ ਸਿਰਫ 3 ਫੀਸਦੀ ਹੈ ਤੇ 3 ਫੀਸਦੀ ਨਾਲ ਕਿਸਾਨ ਤਰੱਕੀ ਨਹੀਂ ਕਰ ਸਕਦਾ।
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਕੀਤੇ ਜਾ ਰਹੇ ਵਿਰੋਧ ਬਾਰੇ ਗਰੇਵਾਲ ਨੇ ਕਿਹਾ ਕਿ ਉਹ ਤਾਂ ਬਿਨਾਂ ਸੋਚੇ ਸਮਝੇ ਗੱਲ ਕਰਦੇ ਹਨ। ਜੇ ਕਿਸਾਨ ਖੇਤੀ ਵਿਚ ਸੁਧਾਰ ਚਾਹੁੰਦੇ ਹਨ ਤਾਂ ਇਸ ਲਈ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣਾ ਬਹੁਤ ਹੀ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੱਸ ਦੇਈਏ ਕਿ ਬੀਤੇ ਦਿਨੀਂ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦਰ ਨੇ ਖੇਤੀ ਸੁਧਾਰਾਂ ਬਾਰੇ ਕੇਂਦਰ ਨੂੰ ਰਾਜਾਂ ਨਾਲ ਨਵੇਂ ਸਿਰੇ ਤੋਂ ਸਲਾਹ ਮਸ਼ਵਰਾ ਕਰਨ ਦਾ ਸੁਝਾਅ ਦਿੱਤਾ ਹੈ ਜਿਸ ਤੋਂ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਨਵੇਂ ਸਿਰੇ ਤੋਂ ਖੇਤੀ ਕਾਨੂੰਨ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਬਾਰੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲ ਕੀਤੇ ਬਿਨਾਂ ਜੇਕਰ ਕੋਈ ਬਿੱਲ ਲਿਆਉਂਦੀ ਹੈ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ।