ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਮਗਰੋਂ ਸੰਯੁਕਤ ਸਮਾਜ ਮੋਰਚੇ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। 16 ਕਿਸਾਨ ਜਥੇਬੰਦੀਆਂ ਨੇ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਨੂੰ ਛੱਡਣ ਦਾ ਐਲਾਨ ਕੀਤਾ ਹੈ।
ਇਨ੍ਹਾਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਹੁਣ ਸਿਆਸਤ ਵਿੱਚ ਹਿੱਸਾ ਨਹੀਂਲੈਣਗੇ ਤੇ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਲਈ ਲੜਾਈ ਲੜਨਗੇ।
ਕਿਸਾਨ ਨੇਤਾ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ 16 ਕਿਸਾਨ ਜਥੇਬੰਦੀਆਂ ਵੱਲੋਂ ਇੱਕ ਮੀਟਿੰਗ ਬੁਲਾਈ ਗਈ ਸੀ। ਮੀਟਿੰਗ ਤੋਂ ਬਾਅਦ ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਐਲਾਨ ਕਿਤਾ ਕਿ ਉਹ ਹੁਣ ਸੰਯੁਕਤ ਸਮਾਜ ਮੋਰਚੇ ਦਾ ਹਿੱਸਾ ਨਹੀਂ ਬਣੇ ਰਹਿਣਗੇ। ਸਿਆਸਤ ਤੋਂ ਵੱਖ ਹੋਣ ਮਗਰੋਂ ਇਨ੍ਹਾਂ ਕਿਸਾਨ ਸੰਗਠਨਾਂ ਦੀ ਹੁਣ ਸੰਯੁਕਤ ਕਿਸਾਨ ਮੋਰਚੇ ਵਿੱਚ ਵਾਪਸੀ ਹੋ ਸਕਦੀ ਹੈ।
ਦੱਸ ਦੇਈਏ ਕਿ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਰਹੀਆਂ 22 ਕਿਸਾਨ ਜਥੇਬੰਦੀਆਂ ਨੇ ਸਿਆਸਤ ਵਿੱਚ ਆਉਣ ਦਾ ਫੈਸਲਾ ਲਿਆ ਸੀ। ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਸੰਯੁਕਤ ਸਮਾਜ ਮੋਰਚਾ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ 22 ਵਿੱਚੋਂ 13 ਕਿਸਾਨ ਜਥੇਬੰਦੀਆਂ ਨੇ ਪਹਿਲਾਂ ਹੀ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਸੀ। ਹੁਣ ਇਨ੍ਹਾਂ ਕਿਸਾਨ ਸੰਗਠਨਾਂ ਵੱਲੋਂ ਸਿਆਸਤ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਸੰਯੁਕਤ ਸਮਾਜ ਮੋਰਚੇ ਤੋਂ ਵੱਖ ਹੋਈਆਂ ਇਨ੍ਹਾਂ 16 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੁਹਿੰਮ ਦੇ ਸਮਰਥਨ ਦਾ ਐਲਾਨ ਕੀਤਾ ਹੈ। ਇੱਕ ਕਿਸਾਨ ਨੇਤਾ ਨੇ ਕਿਹਾ ਕਿ ਅਸੀਂ ਐੱਮ.ਐੱਸ.ਪੀ. ਗਾਰੰਟੀ ਨੂੰ ਲੈ ਕੇ 11 ਅਪ੍ਰੈਲ ਤੋਂ 17 ਅਪ੍ਰੈਲ ਤੱਕ ਚੱਲਣ ਵਾਲੀ ਐੱਸ.ਕੇ.ਐੱਮ. ਦੀ ਮੁਹਿੰਮ ਦਾ ਹਿੱਸਾ ਬਣਨਗੇ।
ਹੁਣ ਸੰਯੁਕਤ ਸਮਾਜ ਮੋਰਚੇ ਦੇ ਭਵਿੱਖ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹਾ ਹੋ ਗਿਆ ਹੈ। ਜਲਦ ਹੀ ਸੰਯੁਕਤ ਸਮਾਜ ਮੋਰਚੇ ਵੱਲੋਂ ਇੱਕ ਮੀਟਿੰਗ ਬੁਲਾਈ ਜਾ ਸਕਦੀ ਹੈ, ਜਿਸ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਸਿਆਸਤ ਵਿੱਚ ਬਣੇ ਰਹਿਣ ਨੂੰ ਲੈ ਕੇ ਵੀ ਫੈਸਲਾ ਕੀਤਾ ਜਾਵੇ।