ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਂਗਰਸ ਦੇ ਨਾਰਾਜ਼ ਧੜੇ ‘ਤੇ ਕੀਤੀਆਂ ਟਿੱਪਣੀਆਂ ਹੁਣ ਉਨ੍ਹਾਂ ‘ਤੇ ਹੀ ਭਾਰੀ ਪੈਣ ਲੱਗੀਆਂ ਹਨ।
ਚੰਨੀ ਦੀ ਸ਼ਿਕਾਇਤ ‘ਤੇ ਜਿਥੇ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ, ਦੂਜੇ ਪਾਸੇ ਟਿੱਪਣੀ ਦਾ ਨੋਟਿਸ ਲੈਂਦੇ ਹੋਏ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਜਲੰਧਰ ਨੂੰ ਜਾਂਚ ਕਰ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਜੀ-23 ਨੇਤਾਵਾਂ ਨੂੰ ਲੈ ਕੇ ਇੱਕ ਇੰਟਰਵਿਊ ਦੌਰਾਨ ਜਾਖੜ ਨੇ ਇੱਕ ਟਿੱਪਣੀ ਕੀਤੀ ਸੀ, ਜਿਸ ਨੂੰ ਲੈ ਕੇ ਕਮਿਸ਼ਨ ਨੇ ਕਮਿਸ਼ਨਰ ਜਲੰਧਰ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਮਾਮਲੇ ਦੀ ਜਾਂਚ ਕਰਨ। ਪੁਲਿਸ ਕਮਿਸ਼ਨਰ ਨੇ ਸਮਾਂ ਤੈਅ ਕਰਦੇ ਹੋਏ ਕਿਹਾ ਹੈ ਕਿ 15 ਦਿਨ ਦੇ ਅੰਦਰ ਇਸ ਦੀ ਸਹੀ ਜਾਂਚ ਕਰਨ ਤੋਂ ਬਾਅਦ ਸੁਨੀਲ ਜਾਖੜ ਖਿਲਾਫ ਐੱਸ.ਸੀ.-ਐੱਸ.ਟੀ. ਐਕਟ (ਐਟ੍ਰੋਸਿਟੀ) ਵਿੱਚ ਮਾਮਲਾ ਦਰਜ ਕਰਨ। ਜੇ ਜਲੰਧਰ ਪੁਲਿਸ ਨੇ 15 ਦਿਨਾਂ ਦੇ ਅੰਦਰ ਕਾਰਵਾਈ ਨਾ ਕੀਤੀ ਤਾਂ ਪੁਲਿਸ ਕਮਿਸ਼ਨਰ ਨੂੰ ਜਾਂ ਉਨ੍ਹਾਂ ਦੇ ਕਿਸੇ ਨੁਮਾਇੰਦੇ ਨੂੰ ਐੱਸ.ਸੀ. ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਾ ਪਏਗਾ।
ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਹਰ ਜਗ੍ਹਾ ਅਨੁਸੂਚਿਤ ਜਾਤੀ ਦੇ ਲੋਕ ਧਰਨੇ ਮੁਜ਼ਾਹਰੇ ਕਰ ਰਹੇ ਹਨ। ਥਾਂ-ਥਾਂ ਉਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੁਨੀਲ ਜਾਖੜ ਖਿਲਾਫ ਕਾਰਵਾਈ ਨੂੰ ਲੈ ਕੇ ਮੈਮੋਰੰਡਮ ਦੇ ਰਹੇ ਹਨ। ਇਸੇ ਤਰ੍ਹਾਂ ਤੋਂ ਬਹੁਤ ਸਾਰੇ ਅਨੁਸੂਚਿਤ ਜਾਤੀ ਦੇ ਨੇਤਾਵਾਂ ਨੇ ਕਮਿਸ਼ਨ ਨੂੰ ਵੀ ਸੁਨੀਲ ਜਾਖੜ ਦੀ ਟਿੱਪਣੀ ਨੂੰ ਲੈ ਕੇ ਸ਼ਿਕਾਇਤਾਂ ਕੀਤੀਆਂ ਹਨ।
ਉਨ੍ਹਾਂ ਜਾਖੜ ਦੇ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤਾਂ ਤੇ ਧਰਨੇ-ਮੁਜ਼ਾਹਰਿਆਂ ‘ਤੇ ਨੋਟਿਸ ਲੈਂਦੇ ਹੋਏ ਕਮਿਸ਼ਨ ਨੇ ਹੁਣ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਨੇਤਾਵਾਂ ਦਾ ਕਹਿਣਾ ਹੈ ਕਿ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟੀ.ਵੀ. ਚੈਨਲ ‘ਤੇ ਅਪਸ਼ਬਦ ਕਹੇ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਕਾਨੂੰਨਨ ਅਪਰਾਧ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਇੰਟਰਵਿਊ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਸੀ ਕਿ ਕੁਝ ਨੇਤਾ ਅਜਿਹੇ ਵੀ ਹਨ ਜੋ ਕਹਿੰਦੇ ਹਨ ਕਿ ਉਨ੍ਹਾਂ ਦੀ ਝੋਲੀ ਛੋਟੀ ਸੀ, ਪਰ ਹਾਈਕਮਾਨ ਨੇ ਉਸ ਤੋਂ ਵੱਧ ਦਿੱਤਾ। ਜਾਖੜ ਨੇ ਕਾਂਗਰਸ ਦੇ ਨਾਰਾਜ਼ ਧੜੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹੇਠਾਂ ਤੋਂ ਚੁੱਕ ਕੇ ਸਿਰ ‘ਤੇ ਨਹੀਂ ਬਿਠਾਇਆ ਜਾਣਾ ਚਾਹੀਦਾ ਹੈ। ਹਾਲਾਂਕਿ ਜਾਖੜ ਨੇ ਪਹਿਲਾਂ ਹੀ ਇਸ ‘ਤੇ ਸਫਾਈ ਦਿੱਤੀ ਸੀ ਕਿ ਉਨ੍ਹਾਂ ਦੇ ਕਹਿਣ ਦਾ ਕੋਈ ਇਹ ਮਤਲਬ ਨਹੀਂ ਸੀ।