ਪਟਿਆਲਾ : ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ। ਪੰਜਾਬ ਵਿੱਚ ਵੀ ਪ੍ਰਸ਼ਾਸਨ ਇਸ ਨੂੰ ਲੈ ਕੇ ਅਲਰਟ ਹੋ ਗਏ ਹਨ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਵਿਡ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਬਚਾਅ ਸਾਧਨ, ਜਿਵੇਂ ਕਿ ਜਨਤਕ ਥਾਵਾਂ ’ਤੇ ਮਾਸਕ ਦੀ ਵਰਤੋਂ ਅਤੇ ਕੋਵਿਡ ਵੈਕਸੀਨੇਸ਼ਨ ਕਰਵਾਉਣਾ ਲਾਜਮੀ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਹਾਲਾਂਕਿ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਬੀਤੇ ਸਮੇਂ ਦੌਰਾਨ ਭਾਰੀ ਕਮੀ ਆਈ ਹੈ ਪਰ ਇਸ ਦੇ ਬਾਅਦ ਵੀ ਦੇਸ਼ ਦੇ ਕੁਝ ਰਾਜਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਦੁਬਾਰਾ ਮਾਮੂਲੀ ਵਾਧਾ ਦੇਖਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਆਪਣੇ ਜ਼ਿਲ੍ਹੇ ਪਟਿਆਲਾ ਨੂੰ ਕਿਸੇ ਵੀ ਹੋਰ ਕੋਵਿਡ ਲਹਿਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਪਰ ਇਸ ਲਈ ਸਾਨੂੰ ਸਹਿਯੋਗ ਕਰਨਾ ਪਵੇਗਾ।ਉਨ੍ਹਾਂ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਇਕ ਸਲਾਹਕਾਰੀ ਜਾਰੀ ਕਰਦਿਆਂ ਕਿਹਾ ਕਿ ਮਾਸਕ ਪਾਉਣ ਸਣੇ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਜਿਵੇਂਕਿ ਜਨਤਕ ਥਾਵਾਂ ’ਤੇ ਦੂਰੀ ਬਣਾਈ ਰੱਖਣਾ, ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ, ਹੱਥ ਧੋਣਾ ਅਤੇ ਵਾਰ-ਵਾਰ ਸੈਨੀਟਾਈਜ਼ਰ ਦੀ ਵਰਤੋਂ ਕਰਨਾ ਆਦਿ।
ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ, ਇਮਿਊਨਿਟੀ ਲੈਵਲ ਨੂੰ ਬਣਾਈ ਰੱਖਣ ਲਈ ਕੋਵਿਡ ਵੈਕਸੀਨ ਦੀ ਢੁਕਵੀਂ ਖੁਰਾਕ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕਾਂ ਦੀ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਲੱਗਣ ਵਾਲੀ ਰਹਿੰਦੀ ਹੈ, ਉਨ੍ਹਾਂ ਨੂੰ ਇਹ ਜਲਦੀ ਤੋਂ ਜਲਦੀ ਲੈਣੀ ਚਾਹੀਦੀ ਹੈ ਅਤੇ ਜਿਨ੍ਹਾਂ ਨੂੰ 9 ਮਹੀਨੇ ਪਹਿਲਾਂ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਮਿਲੀ ਹੈ, ਉਨ੍ਹਾਂ ਨੂੰ ਅਹਿਤਿਆਤਨ ਬੂਸਟਰ ਡੋਜ਼ ਲੈਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ 12-14 ਸਾਲ ਦੇ ਬੱਚਿਆਂ ਲਈ ਕੋਰਬੇਵੈਕਸ ਅਤੇ 15-18 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਦੀਆਂ ਮੁਫਤ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।