ਚੰਡੀਗੜ੍ਹ : ਸਹਿਕਾਰੀ ਬੈਂਕਾਂ ਦਾ ਕਰਜ਼ਾ ਨਾ ਮੋੜਨ ਵਾਲਿਆਂ ਖਿਲਾਫ ਮਾਨ ਸਰਕਾਰ ਵੱਲੋਂ ਅਪਣਾਏ ਗਏ ਸਖਤ ਰੁਖ਼ ‘ਤੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਤੋਂ ਇਹ ਗ੍ਰਿਫਤਾਰੀ ਵਾਰੰਟ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਇਹ ਵਾਰੰਟ ਰੱਦ ਨਾ ਹੋਏ ਤਾਂ ਉਹ ਅੰਦੋਲਨ ਕਰਨ ਲਈ ਤਿਆਰ ਹਨ।
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਅੱਜ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਲੈਂਡ-ਮਾਰਗੇਜ ਬੈਂਕ ਅਧਿਕਾਰੀਆਂ ਵੱਲੋਂ ਕਰਜ਼ੇ ਮੋੜਨੋਂ ਅਸਮਰੱਥ ਕਿਸਾਨਾਂ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ ਹੈ।
ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਕਰਜ਼ਿਆਂ ਦੇ ਭਾਰੀ ਬੋਝ ਥੱਲੇ ਪਿਸਦੇ ਖੁਦਕੁਸ਼ੀਆਂ ਲਈ ਮਜਬੂਰ ਹੋ ਰਹੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟਾਂ ਦਾ ਜਾਬਰ ਸਿਲਸਿਲਾ ਤੁਰੰਤ ਬੰਦ ਕੀਤਾ ਜਾਵੇ। ਆਪਣੇ ਚੋਣ ਵਾਅਦੇ ਮੁਤਾਬਕ ਅਜਿਹੇ ਬੇਬਸ ਸਮੂਹ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸੂਦਖੋਰੀ ਸਮੇਤ ਸਮੁੱਚੇ ਕਰਜ਼ਿਆਂ ‘ਤੇ ਲਕੀਰ ਮਾਰੀ ਜਾਵੇ।
ਸਰਕਾਰ ਵੱਲੋਂ ਗ੍ਰਿਫਤਾਰੀ ਵਰੰਟ ਰੱਦ ਨਾ ਕਰਨ ਦੀ ਸੂਰਤ ਵਿੱਚ ਕਿਸਾਨ ਆਗੂਆਂ ਵੱਲੋਂ ਇਸ ਜਾਬਰ ਸਿਲਸਿਲੇ ਵਿਰੁੱਧ ਤੁਰੰਤ ਅੰਦੋਲਨ ਵਿੱਢਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਦੱਸ ਦੇਈਏ ਕਿ ਪੰਜਾਬ ਵਿੱਚ ਸਰਕਾਰ ਬਦਲਦੇ ਹੀ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਸ਼ੁਰੂ ਹੋ ਗਈਆਂ ਹਨ । ਖੇਤੀਬਾੜੀ ਵਿਕਾਸ ਬੈਂਕਾਂ ਦਾ ਕਰਜ਼ਾ ਨਾ ਮੋੜਨ ਵਾਲਿਆਂ ਖ਼ਿਲਾਫ਼ ਸੀਐਮ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਲਈ ਸੂਬੇ ਵਿੱਚ 2 ਹਜ਼ਾਰ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ ਤਿਆਰ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਕੁਝ ਨਵੇਂ ਹਨ ਜਦਕਿ ਕੁਝ ਪੁਰਾਣੇ ਵਾਰੰਟ ਰਿਨਿਊ ਕੀਤੇ ਗਏ ਹਨ। ਸਰਕਾਰ ਨੇ 71 ਹਜ਼ਾਰ ਕਿਸਾਨਾਂ ਤੋਂ 3200 ਕਰੋੜ ਦੀ ਵਸੂਲੀ ਕਰਨੀ ਹੈ।