ਚੰਡੀਗੜ੍ਹ : ਕੋਰੋਨਾ ਦਾ ਖਤਰਾ ਇੱਕ ਵਾਰ ਫਿਰ ਵਧਦਾ ਜਾ ਰਿਹਾ ਹੈ। ਪੰਜਾਬ ਵਿੱਚ ਮਾਸਕ ਪਾਉਣੇ ਲਾਜ਼ਮੀ ਕਰ ਦਿੱਤੇ ਗਏ ਹਨ। ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਜਾ ਰਿਹਾ ਹੈ। ਇਸੇ ਵਿਚਾਲੇ ਪੰਜਾਬ ਪੁਲਿਸ ਵੱਲੋਂ ਸਿਹਤ ਵਿਭਾਗ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਪੁਲਿਸ ਹੈੱਡ ਕੁਆਰਟਰ ਵਿਖੇ ਸਥਿਤ ਡਿਸਪੈਂਸਰੀ ਵਿਖੇ ਆਪਣੇ ਕਰਮਚਾਰੀਆਂ ਲਈ ਕੋਵਿਡ-19 ਟੀਕਾਕਰਨ ਬੂਸਟਰ ਡੋਜ਼ ਦਾ ਇੰਤਜ਼ਾਮ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਪੁਲਿਸ ਹੈੱਡਕੁਆਰਟਰ ਵਿਖੇ ਅੱਜ ਤੀਜਾ ਕੈਂਪ ਲਗਾਇਆ ਗਿਆ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਵੀਕੇ ਭਾਵੜਾ ਉਨ੍ਹਾਂ 149 ਪੁਲਿਸ ਕਰਮਚਾਰੀਆਂ ਵਿੱਚ ਸ਼ਾਮਲ ਸਨ, ਜਿਨ੍ਹਾਂ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਵਿਖੇ ਲਗਾਏ ਗਏ ਇੱਕ ਵਿਸ਼ੇਸ਼ ਕੈਂਪ ਦੌਰਾਨ ਕੋਵਿਡ-19 ਟੀਕਾਕਰਨ ਬੂਸਟਰ ਡੋਜ਼ ਦਾ ਟੀਕਾ ਲਵਾਇਆ।
ਏਡੀਜੀਪੀ ਭਲਾਈ ਅਰਪਿਤ ਸ਼ੁਕਲਾ ਅਤੇ ਏਡੀਜੀਪੀ ਸੁਰੱਖਿਆ ਸ਼ਰਦ ਸੱਤਿਆ ਚੌਹਾਨ ਅਤੇ ਏਆਈਜੀ ਭਲਾਈ ਸੁਖਵੰਤ ਸਿੰਘ ਗਿੱਲ ਸਣੇ ਪੁਲਿਸ ਦੇ ਦੋ ਵਧੀਕ ਡਾਇਰੈਕਟਰ ਜਨਰਲਾਂ ਨੇ ਵੀ ਬੂਸਟਰ ਡੋਜ਼ ਲਈ। ਪੀ.ਪੀ.ਐੱਚ.ਕਿਊ. ਅਤੇ ਮੋਹਾਲੀ ਜ਼ਿਲ੍ਹੇ ਵਿੱਚ ਤਾਇਨਾਤ ਕੁੱਲ 363 ਪੁਲਿਸ ਮੁਲਾਜ਼ਮਾਂ ਨੇ ਕੋਵਿਡ-19 ਟੀਕਾਕਰਨ ਬੂਸਟਰ ਡੋਜ਼ ਲਈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਵੀ.ਕੇ.ਭਾਵਰਾ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦੇ ਹੋਏ ਪੰਜਾਬ ਪੁਲਿਸ ਦਾ ਵੈਲਫੇਅਰ ਵਿੰਗ ਸਮੁੱਚੀ ਫੋਰਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਕੈਂਪਾਂ ਦਾ ਆਯੋਜਨ ਕਰਦਾ ਰਹਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਉਨ੍ਹਾਂ ਸਮੁੱਚੇ ਪੁਲਿਸ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ, ਜੋ ਆਪਣੀ ਮਰਜ਼ੀ ਨਾਲ ਬੂਸਟਰ ਡੋਜ਼ ਲਗਵਾਉਣ ਆਏ ਅਤੇ ਇੱਕ ਵਾਰ ਫਿਰ ਬਾਕੀ ਪੁਲਿਸ ਮੁਲਾਜ਼ਮਾਂ ਨੂੰ ਬੂਸਟਰ ਡੋਜ਼ ਲੈਣ ਲਈ ਪ੍ਰੇਰਿਤ ਕੀਤਾ।
ਏਡੀਜੀਪੀ ਭਲਾਈ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਸੀ ਕਿ ਸਿਰਫ਼ ਉਹੀ ਵਿਅਕਤੀ ਬੂਸਟਰ ਡੋਜ਼ ਲਈ ਯੋਗ ਹਨ ਜੋ ਦੂਜੀ ਖੁਰਾਕ ਤੋਂ ਬਾਅਦ ਨੌਂ ਮਹੀਨੇ ਪੂਰੇ ਕਰ ਚੁੱਕੇ ਹਨ।