ਤਮਿਲਨਾਡੂ ਦੇ ਤੰਜਾਵੁਰ ਦੇ ਕਾਲੀਮੇਡੂ ਨੇੜੇ ਬੁੱਧਵਾਰ ਤੜਕੇ ਉਸ ਸਮੇਂ ਵੱਡਾ ਹਾਦਸਾ ਵਾਪਰਿਆ ਜਦੋਂ ਮੰਦਰ ਦੀ ਰੱਥ ਯਾਤਰਾ ਕੱਢੀ ਜਾ ਰਹੀ ਸੀ। ਪੁਲਸ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਜਦੋਂ ਰੱਥ ਨੂੰ ਮੋੜਿਆ ਜਾ ਰਿਹਾ ਸੀ ਤਾਂ ਇਸ ਦੌਰਾਨ ਇਹ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਦੇ ਸੰਪਰਕ ਵਿਚ ਆ ਗਿਆ, ਜਿਸ ਕਾਰਨ ਰੱਥ ਵਿਚ ਮੌਜੂਦ ਲੋਕ ਕਰੰਟ ਦੀ ਚਪੇਟ ਵਿੱਚ ਆ ਗਏ। ਹਾਈ ਵੋਲਟੇਜ ਤਾਰਾਂ ਤੋਂ ਕਰੰਟ ਲੱਗਣ ਕਾਰਨ ਦੋ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ ਜਦਕਿ ਦਰਜਨਾਂ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪ੍ਰਸ਼ਾਸਨ ਨੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹਾਦਸੇ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਖੇਤਰ ਦੇ ਆਈਜੀ ਵੀ ਬਾਲਾਕ੍ਰਿਸ਼ਨਨ ਨੇ ਦੱਸਿਆ ਕਿ ਹਾਦਸੇ ‘ਚ 15 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜਲੂਸ ਦੌਰਾਨ ਰੱਥ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਿਆ ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ।
ਵੀਡੀਓ ਲਈ ਕਲਿੱਕ ਕਰੋ -: