ਪੰਜਾਬ ਦੇ ਕਈ ਇਲਾਕਿਆਂ ‘ਚ ਪਿਛਲੇ ਦਿਨੀਂ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਤੋਂ ਬਾਅਦ ਗਰਮੀ ਤੋਂ ਕੁਝ ਰਾਹਤ ਮਿਲੀ। ਕਈ ਥਾਵਾਂ ‘ਤੇ ਧੂੜ ਭਰੀ ਹਨੇਰੀ ਅਤੇ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਸੀ ਪਰ ਹੁਣ ਪੰਜਾਬ ‘ਚ ਇਕ ਵਾਰ ਫਿਰ ਤੋਂ ਗਰਮੀ ਵਧਣ ਲੱਗੀ ਹੈ। ਸੂਬੇ ਦੇ ਕਈ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ ਅਤੇ ਕਈਆਂ ਦਾ ਤਾਪਮਾਨ 40 ਦੇ ਨੇੜੇ ਪਹੁੰਚ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਯਾਨੀ ਬੁੱਧਵਾਰ ਅਤੇ ਕੱਲ੍ਹ ਵੀਰਵਾਰ ਨੂੰ ਸੂਬੇ ਦਾ ਮੌਸਮ ਖੁਸ਼ਕ ਰਹਿਣ ਵਾਲਾ ਹੈ। ਤੇਜ਼ ਧੁੱਪ ਦੀ ਸੰਭਾਵਨਾ ਹੈ ਜਿਸ ਨਾਲ ਤਾਪਮਾਨ ਵਧੇਗਾ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਪ੍ਰਕੋਪ ਵਧੇਗਾ। ਵਧਦੀ ਗਰਮੀ ਦੇ ਨਾਲ-ਨਾਲ ਹੀਟ ਵੇਵ ਆਉਣ ਦੀ ਸੰਭਾਵਨਾ ਹੈ, ਜਿਸ ਦੀ ਐਡਵਾਈਜ਼ਰੀ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਪੰਜਾਬ ਵਿੱਚ 27 ਅਤੇ 28 ਅਪ੍ਰੈਲ ਨੂੰ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਦੁਪਹਿਰ ਨੂੰ ਘਰ ਤੋਂ ਬਾਹਰ ਨਾ ਨਿਕਲਣਾ ਬਿਹਤਰ ਹੈ। ਸਿਰਫ਼ ਲੋੜ ਪੈਣ ‘ਤੇ ਹੀ ਬਾਹਰ ਨਿਕਲੋ।
ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਪਟਿਆਲਾ ਦਾ ਤਾਪਮਾਨ 40 ਦੇ ਪਾਰ ਪਹੁੰਚ ਗਿਆ ਹੈ। ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਅਤੇ ਜਲੰਧਰ ਦਾ ਤਾਪਮਾਨ 39 ਡਿਗਰੀ ਤੋਂ ਵੱਧ ਪਰ 40 ਡਿਗਰੀ ਤੋਂ ਘੱਟ ਹੈ।
ਵੀਡੀਓ ਲਈ ਕਲਿੱਕ ਕਰੋ -: