ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਵਾਪਰੀ ਅੱਜ ਘਟਨਾ ਨੂੰ ਲੈ ਕੇ ਡੀਜੀਪੀ ਤੇ ਸਾਰੇ ਵੱਡੇ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ।
ਮੀਟਿੰਗ ਮਗਰੋਂ ਸੀ.ਐੱਮ. ਮਾਨ ਨੇ ਕਿਹਾ ਕਿ ਅਫਸਰਾਂ ਨੂੰ ਸਖਤ ਹਿਦਾਇਤ ਦਿੱਤੀ ਹੈ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ।
ਦੱਸਣਯੋਗ ਹੈ ਕਿ ਅੱਜ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ।
ਇਸ ਮਗਰੋਂ ਕਾਨੂੰਨ ਵਿਵਸਥਾ ਤੇ ਸ਼ਾਂਤੀ ਬਹਾਲ ਕਰਨ ਲਈ ਜ਼ਿਲ੍ਹੇ ਵਿੱਚ ਕਰਫਿਊ ਲਾ ਦਿੱਤਾ ਗਿਆ ਹੈ। ਇਹ ਹੁਕਮ ਅੱਜ ਸ਼ਾਮ 7 ਵਜੇ ਤੋਂ ਲਾਗੂ ਹੋ ਜਾਣਗੇ ਤੇ ਭਲਕੇ 30 ਅਪ੍ਰੈਲ ਸਵੇਰੇ 6 ਵਜੇ ਤੱਕ ਜਾਰੀ ਰਹਿਣਗੇ। ਡੀਸੀ ਸਾਕਸ਼ੀ ਸਾਹਨੀ ਵੱਲੋਂ ਧਾਰਾ 144 ਅਧੀਨ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: