ਪੰਜਾਬ ਸਰਕਾਰ ਨੇ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਆਪਣੇ ਪੱਧਰ ’ਤੇ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਬਾਰ੍ਹਵੀਂ ਜਮਾਤ ਲਈ ਤਿਆਰ ਕੀਤੀਆਂ ਇਤਿਹਾਸ ਦੀਆਂ ਪੁਸਤਕਾਂ ਨੂੰ ਸਕੂਲਾਂ ਵਿੱਚ ਪੜ੍ਹਾਉਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਉਕਤ ਤਿੰਨੇ ਪੁਸਤਕਾਂ ਦੀ ਵਿਕਰੀ ’ਤੇ ਤੁਰੰਤ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਇਸ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਸਨ ਤੇ ਪੜਤਾਲੀਆ ਅਧਿਕਾਰੀ ਵੱਲੋਂ ਸੌਂਪੀਆਂ ਗਈਆਂ ਤਿੰਨ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਗਈਆਂ ਸਨ। ਸੂਬਾ ਸਰਕਾਰ ਨੇ ਹੁਣ ਤੱਕ ਦੀ ਮੁੱਢਲੀ ਜਾਂਚ ਨਾਲ ਸਹਿਮਤੀ ਪ੍ਰਗਟਾਉਂਦਿਆਂ ਉਕਤ ਪੁਸਤਕਾਂ ਦੀ ਵਿਕਰੀ ’ਤੇ ਤੁਰੰਤ ਪ੍ਰਭਾਵ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਹੋ ਸਕਦੀ ਹੈ। ਬੋਰਡ ਮੁਖੀ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਬਾਰੇ ਐੱਨਸੀਈਆਰਟੀ ਦੇ ਡਾਇਰੈਕਟਰ ਸਮੇਤ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾ ਨੂੰ ਜਾਣੂ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਪੁਸਤਕਾਂ ਨੂੰ ਸਾਲ 2017 ਤੱਕ ਨੋਟੀਫਾਈ ਕਰਨ ਸਮੇਂ ਕੰਮ ਕਰਦੇ ਅਧਿਕਾਰੀਆਂ/ਕਰਮਚਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਕਸੂਰਵਾਰਾਂ ਨੂੰ ਸਜ਼ਾਵਾਂ ਮਿਲਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ : ਪੰਜਾਬ ਦੇ ਸਕੂਲਾਂ ਵਿੱਚ ਇਤਿਹਾਸ ਦੀ ਵਿਵਾਦਿਤ ਪਾਠਕ੍ਰਮ ਪੜ੍ਹਾਉਣ ਦੇ ਮਾਮਲੇ ਸਬੰਧੀ ‘ਇਤਿਹਾਸ ਬਚਾਓ-ਸਿੱਖੀ ਬਚਾਓ’ ਮੋਰਚਾ ਤਹਿਤ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 83ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: