ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਸੋਮਵਾਰ ਤੋਂ ਰਾਹਤ ਮਿਲਣ ਦੀ ਉਮੀਦ ਹੈ । ਸੋਮਵਾਰ ਤੋਂ ਅਗਲੇ ਕੁਝ ਦਿਨਾਂ ਤੱਕ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਨਮੀ ਵਾਲੀਆਂ ਹਵਾਵਾਂ ਉੱਤਰੀ ਭਾਰਤ ਨੂੰ ਰਾਹਤ ਦੇਣਗੀਆਂ । ਭਾਰਤ ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਤਿੰਨ ਦਿਨਾਂ ਤੱਕ ਦਿੱਲੀ, ਯੂਪੀ, ਪੰਜਾਬ ਅਤੇ ਹਰਿਆਣਾ ਵਿੱਚ ਤੂਫ਼ਾਨ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਗਰਜ ਨਾਲ ਮੀਂਹ ਵੀ ਪਵੇਗਾ। ਕੁਝ ਇਲਾਕਿਆਂ ਵਿੱਚ ਅਚਾਨਕ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਨ੍ਹਾਂ ਦੀ ਰਫਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਤੱਕ ਹੋ ਸਕਦੀ ਹੈ । ਅਜਿਹਾ ਹੀ ਮੌਸਮ ਦੇਸ਼ ਦੇ ਬਾਕੀ ਉੱਤਰ-ਪੱਛਮੀ ਖੇਤਰਾਂ ਵਿੱਚ ਵੀ ਦੇਖਿਆ ਜਾ ਸਕਦਾ ਹੈ।
ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮੋਗਾ, ਮੁਕਤਸਰ ਅਤੇ ਫ਼ਰੀਦਕੋਟ ਨੂੰ ਛੱਡ ਕੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਸੋਮਵਾਰ ਤੋਂ ਬੁੱਧਵਾਰ ਤੱਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਵਿੱਚ ਕਮੀ ਆਵੇਗੀ। ਇਸ ਤੋਂ ਬਾਅਦ ਪੰਜ ਮਈ ਤੋਂ ਮੌਸਮ ਸਾਫ਼ ਹੋ ਜਾਵੇਗਾ । ਐਤਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਨਾਲ ਕੁਝ ਰਾਹਤ ਮਿਲੀ ਪਰ ਕੁਝ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ। ਸੂਬੇ ਵਿੱਚ ਫਿਰੋਜ਼ਪੁਰ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ
ਇਸ ਤੋਂ ਇਲਾਵਾ ਆਈਐਮਡੀ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ ਅਤੇ ਕਸ਼ਮੀਰ ਵਿੱਚ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਕਾਰਨ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਤੋਂ ਬਾਅਦ 3 ਅਤੇ 4 ਮਈ ਨੂੰ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਕੜਾਕੇ ਦੀ ਗਰਮੀ ਦੇ ਵਿਚਕਾਰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਹਿਮਾਚਲ ਪ੍ਰਦੇਸ਼, ਕਰਨਾਟਕ ਅਤੇ ਪੂਰਬੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਐਤਵਾਰ ਸ਼ਾਮ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪਿਆ । ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -: