ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਰਕਾਰ ਤੋਂ ਪੰਜਾਬ ਸੰਭਾਲਿਆ ਨਹੀਂ ਜਾ ਰਿਹਾ। ਆਏ ਦਿਨ ਕਿਤੇ ਨਾ ਕਿਤੇ ਗੋਲੀਆਂ ਚੱਲ ਰਹੀਆਂ ਹਨ, ਕਿਤੇ ਲੁੱਟ-ਖੋਹ ਦੀਆਂ ਘਟਨਾਵਾਂ ਹੋ ਰਹੀਆਂ ਹਨ। ਪੰਜਾਬ ਵਿੱਚ ਸ਼ਾਂਤੀ ਦਾ ਮਾਹੌਲ ਵਿਗੜ ਗਿਆ ਹੈ।
ਬੀਤੀ ਦੇਰ ਸ਼ਾਮ ਪਟਿਆਲਾ ਝੜਪ ‘ਤੇ ਬੋਲਦਿਆਂ ਸੰਸਦ ਮੈਂਬਰ ਬਿੱਟੂ ਨੇ ਕਿਹਾ ਕਿ ਅੱਜ ਤੱਕ ਪੰਜਾਬ ‘ਚ ਕਿਸੇ ਵੀ ਮੰਦਰ ‘ਤੇ ਹਮਲਾ ਨਹੀਂ ਹੋਇਆ। ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪੰਜਾਬ ਵਿੱਚ ਮੰਦਰਾਂ ‘ਤੇ ਹਮਲੇ ਸ਼ੁਰੂ ਹੋ ਗਏ ਹਨ। ਧਾਰਮਿਕ ਸਥਾਨਾਂ ‘ਤੇ ਅਜਿਹੇ ਹਮਲੇ ਕਿਤੇ ਨਾ ਕਿਤੇ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੇ ਹਨ। ਜੇ ਪੰਜਾਬ ਦਾ ਇਹੀ ਹਾਲ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਅੱਤਵਾਦ ਮੁੜ ਪੰਜਾਬ ਵੱਲ ਮੂੰਹ ਕਰ ਲਵੇਗਾ। ਪੰਜਾਬ ਸ਼ਾਂਤੀ ਦਾ ਸੂਬਾ ਹੈ। ਪੰਜਾਬ ਦੇ ਲੋਕ ਭਾਈਚਾਰਕ ਸਾਂਝ ਨੂੰ ਪਸੰਦ ਕਰਨ ਵਾਲੇ ਲੋਕ ਹਨ ਪਰ ਮੁੱਠੀ ਭਰ ਲੋਕ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜੇ ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਬਾਹਰ ਆ ਗਏ ਤਾਂ ਪੰਜਾਬ ਦਾ ਮਾਹੌਲ ਖਰਾਬ ਹੋ ਜਾਵੇਗਾ। ਅੱਤਵਾਦ ਇੱਕ ਵਾਰ ਫਿਰ ਸਿਰ ਚੁੱਕੇਗਾ। ਮੰਦਰ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਦੇਸ਼ ਖਿਲਾਫ ਨਾਅਰੇਬਾਜ਼ੀ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਜੇ ਸਮੇਂ ਸਿਰ ਖਾਲਿਸਤਾਨੀ ਸਮਰਥਕਾਂ ‘ਤੇ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਸਮੇਂ ‘ਚ ਪੰਜਾਬ ਦੇ ਹਾਲਾਤ ਹੋਰ ਵਿਗੜ ਜਾਣਗੇ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ। ਵਿਕਾਸ ਦੇ ਕੰਮ ਅੱਜ ਵੀ ਉੱਥੇ ਹੀ ਹਨ, ਜਿੱਥੇ ਕਾਂਗਰਸ ਸਰਕਾਰ ਨੇ ਛੱਡੇ ਸਨ। ਉਨ੍ਹਾਂ ਕੰਮਾਂ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤਾ ਜਾ ਰਿਹਾ ਹੈ। ਪੰਜਾਬ ਦੀ ਬਿਹਤਰੀ ਨੂੰ ਦੇਖਦਿਆਂ ਲੋਕਾਂ ਨੇ ਬਦਲਾਅ ਲਈ ਵੋਟਾਂ ਪਾਈਆਂ ਸਨ ਪਰ ਇਹ ਬਦਲਾਅ ਅੱਤਵਾਦ ਵੱਲ ਜਾ ਰਿਹਾ ਹੈ। ਜਿਸ ਨੂੰ ਕਾਂਗਰਸ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।