ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕੋਵਿਡ ਟੀਕਾਕਰਨ ਦੀ ਸਮੀਖਿਆ ਲਈ ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਸਮੂਹ ਵਿਭਾਗੀ ਮੁਖੀਆਂ ਨਾਲ ਇੱਕ ਅਹਿਮ ਮੀਟਿੰਗ ਕਰਦਿਆਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਕੋਵਿਡ ਵੈਕਸੀਨੇਸ਼ਨ ਤੋਂ ਵਾਂਝੇ ਨਾਗਰਿਕਾਂ ਦੇ ਟੀਕਾਕਰਨ ਦੀ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇ। ਉਨ੍ਹਾਂ ਨੇ ਨਾਲ ਹੀ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਕੋਵਿਡ ਟੀਕਾ ਲਗਵਾਉਣ ਲਈ ਅੱਗੇ ਆਉਣ।
ਮੀਟਿੰਗ ਦੌਰਾਨ ਡੀ.ਸੀ. ਨੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਕੋਵਿਡ ਪਾਜ਼ੀਟਿਵ ਮਾਮਲੇ ਮਿਲਣ ‘ਤੇ ਸਿਹਤ ਵਿਭਾਗ ਵੱਲੋਂ ਯੂਨੀਵਰਸਿਟੀ ਨਾਲ ਮਿਲਕੇ ਵਿਦਿਆਰਥੀਆਂ ਦੀ ਸਿਹਤ ਸੰਭਾਲ ਤੇ ਟੈਸਟਿੰਗ ਸਮੇਤ ਕਰੋਨਾ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਬਚਾਅ ਲਈ ਕੀਤੇ ਜਾ ਰਹੇ ਕਾਰਜਾਂ ਤੇ ਟੈਸਟਿੰਗ ਦੀ ਵੀ ਸਮੀਖਿਆ ਕੀਤੀ। ਇਸ ਦੌਰਾਂਨ ਸਾਕਸ਼ੀ ਸਾਹਨੀ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਹਦਾਇਤ ਕੀਤੀ ਕਿ ਕੋਰੋਨਾ ਦੇ ਮਾਮਲੇ ਵਧਣ ਨਾਲ ਲਾਕਡਾਊਨ ਵਰਗੀ ਸਥਿਤੀ ਦਾ ਸਾਹਮਣਾ ਮੁੜ ਕਰਨਾ ਪੈਣ ‘ਤੇ ਜਿਹੜੇ ਵੀ ਲੋਕ ਲਾਜਮੀ ਸੇਵਾਵਾਂ ਅਤੇ ਜਰੂਰੀ ਵਸਤਾਂ ਦੀ ਸਪਲਾਈ ਕਰਨ ਲਈ ਕਾਰਜਸ਼ੀਲ ਰਹਿਣਗੇ, ਉਨ੍ਹਾਂ ਨੂੰ ਫਰੰਟਲਾਈਨ ਵਰਕਰਾਂ ਵਜੋਂ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਲਗਾਈ ਜਾਣੀ ਯਕੀਨੀ ਬਣਾਈ ਜਾਵੇ।
ਡੀ.ਸੀ. ਨੇ ਸਿਹਤ ਵਿਭਾਗ ਸਮੇਤ ਸਮੁਚੇ ਵਿਭਾਗੀ ਮੁਖੀਆਂ ਤੇ ਐਸ.ਡੀ.ਐਮਜ ਨੂੰ ਕਿਹਾ ਕਿ ਕੋਵਿਡ ਟੀਕਾਕਰਨ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ ਸਗੋਂ ਸਕੂਲੀ ਵਿਦਿਆਰਥੀਆਂ ਸਮੇਤ ਹਰ ਪਿੰਡ ਤੇ ਹਰੇਕ ਮੁਹੱਲੇ ‘ਚ ਕੋਵਿਡ ਟੀਕਾਕਰਨ ਕੈਂਪ ਲਗਾ ਕੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਉਤਸ਼ਾਹਤ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਹਰ ਸਰਕਾਰੀ ਤੇ ਨਿਜੀ ਹਸਪਤਾਲਾਂ ਦੇ ਅਮਲੇ, ਫਰੰਟ ਲਾਈਨ ਵਰਕਰਾਂ ਤੇ ਸਰਕਾਰੀ ਵਿਭਾਗ ਦੇ ਮੁਲਾਜਮਾਂ ਦਾ ਲਾਜਮੀ ਟੀਕਾਕਰਨ ਅਤੇ ਯੋਗ ਮੁਲਾਜਮਾਂ ਨੂੰ ਬੂਸਟਰ ਡੋਜ਼ ਲਗਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਸਮੇਤ ਪੀ.ਡੀ.ਏ. ਅਧਿਕਾਰੀਆਂ ਨੂੰ ਕਿਹਾ ਕਿ ਉਹ ਰੈਜ਼ੀਡੈਂਸ਼ਲ ਵੈਲਫੇਅਰ ਐਸੋਸੀਏਸ਼ਨਾਂ ਨੂੰ ਟੀਕਾਕਰਨ ਕੈਂਪ ਲਗਵਾਉਣ ਲਈ ਪ੍ਰੇਰਿਤ ਕਰਨ। ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ 12 ਤੋਂ 14 ਸਾਲ ਅਤੇ 15 ਤੋਂ 17 ਸਾਲ ਦੇ ਸਕੂਲੀ ਵਿਦਿਆਰਥੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਗਵਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਖਿਆ। ਇਸ ਮੌਕੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ, ਐਸ.ਡੀ.ਐਮ. ਚਰਨਜੀਤ ਸਿੰਘ, ਸਿਵਲ ਸਰਜਨ ਡਾ. ਰਾਜੂ ਧੀਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂ ਗੋਇਲ, ਡਾ. ਸੁਮੀਤ ਸਿੰਘ ਸਮੇਤ ਏ.ਡੀ.ਸੀ. (ਯੂ.ਡੀ.) ਗੌਤਮ ਜੈਨ, ਐਸ.ਡੀ.ਐਮਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀਡੀਓ ਕਾਨਫਰੰਸਿੰਗ ਰਾਹੀਂ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: