ਪੰਜਾਬ ਦੀ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ CM ਮਾਨ ਸਰਕਾਰ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਵਿੱਚ ਬਣਨ ਵਾਲੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ਵਿੱਚ ਬਣੇ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਬਣਾਇਆ ਜਾ ਸਕਦਾ ਹੈ, ਜਿਸ ਦੇ ਲਈ ਪੰਜਾਬ ਸਰਕਾਰ ਵੱਲੋਂ ਤਿਆਰੀ ਖਿੱਚ ਲਈ ਗਈ ਹੈ ।
ਦੱਸ ਦੇਈਏ ਕਿ ਪੰਜਾਬ ਦੇ ਆਰਕੀਟੈਕਚਰ ਵਿਭਾਗ ਵੱਲੋਂ ਦਿੱਲੀ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ ਗਿਆ । ਇਸ ਦੌਰੇ ਦੌਰਾਨ ਪੰਜਾਬ ਆਰਕੀਟੈਕਚਰ ਵਿਭਾਗ ਦੀ ਮੁਖੀ ਨੇ ਆਪਣੀ ਟੀਮ ਨਾਲ ਦੌਰਾ ਕੀਤਾ ਤੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ । ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਦਿੱਲੀ ਦੌਰੇ ‘ਤੇ ਗਏ ਸਨ। ਇਸ ਦੌਰੇ ਤੋਂ ਬਾਅਦ ਸਿਹਤ ਵਿਭਾਗ ਤੇ ਪੰਜਾਬ ਆਰਕੀਟੈਕਚਰ ਵਿਭਾਗ ਵਿੱਚ ਲਗਭਗ ਸਹਿਮਤੀ ਬਣਨ ਤੋਂ ਬਾਅਦ ਆਰਕੀਟੈਕਚਰ ਵਿਭਾਗ ਵੱਲੋਂ ਸੇਵਾ ਕੇਂਦਰਾਂ ਵਿੱਚ ਮੁਹੱਲਾ ਕਲੀਨਿਕ ਚਲਾਉਣ ਦੀ ਤਜਵੀਜ਼ ਭੇਜੀ ਗਈ ਹੈ। ਫਿਲਹਾਲ ਮਾਨ ਸਰਕਾਰ ਵੱਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਇੱਕ ਮੁਹੱਲਾ ਕਲੀਨਿਕ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਜੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਂਦੀ ਹੈ ਤਾਂ ਦਿੱਲੀ ਦੀ ਤਰਜ ‘ਤੇ ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਉਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ । ਇਸ ਗਾਰੰਟੀ ਤਹਿਤ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਕਲੀਨਿਕਾਂ ਦਾ ਦੌਰਾ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: