ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੱਗਾ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ 7 ਮਈ ਨੂੰ ਸੁਣਵਾਈ ਕੀਤੀ ਸੀ ਅਤੇ ਤੇਜਿੰਦਰ ਬੱਗਾ ਨੂੰ 10 ਮਈ ਤੱਕ ਗ੍ਰਿਫਤਾਰੀ ਵਾਰੰਟ ਤੋਂ ਰਾਹਤ ਦਿੱਤੀ ਸੀ। ਹਾਈ ਕੋਰਟ ਨੇ ਰਾਹਤ ਦਿੰਦਿਆਂ ਕਿਹਾ ਸੀ ਕਿ ਬੱਗਾ ਖਿਲਾਫ਼ ਕੋਈ ਸਖ਼ਤ ਕਾਰਵਾਈ ਨਾ ਕੀਤੀ ਜਾਵੇ।
ਦੱਸ ਦੇਈਏ ਕਿ ਤਜਿੰਦਰ ਬੱਗਾ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾੜੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬੱਗਾ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਕੀਤੀ ਗਈ ਟਿੱਪਣੀ ਤੋਂ ਬਾਅਦ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
ਗੌਰਤਲਬ ਹੈ ਕਿ ਬੱਗਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਫਿਲਮ ਦਿ ਕਸ਼ਮੀਰ ਫਾਈਲਜ਼ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ। ਜਿਸ ਤੋਂ ਬਾਅਦ ‘ਆਪ’ ਆਗੂ ਸਨੀ ਆਹਲੂਵਾਲੀਆ ਨੇ ਮੋਹਾਲੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬੱਗਾ ਨੂੰ 5 ਨੋਟਿਸ ਭੇਜੇ ਸਨ ਪਰ ਬੱਗਾ ਵੱਲੋਂ ਜਾਂਚ ਵਿੱਚ ਸਹਿਯੋਗ ਨਾ ਦੇਣ ‘ਤੇ ਪੰਜਾਬ ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਪੁਲਸ ਜਦੋਂ ਬੱਗਾ ਨੂੰ ਲੈ ਕੇ ਪੰਜਾਬ ਜਾ ਰਹੀ ਸੀ ਤਾਂ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਨੂੰ ਕੁਰੂਕਸ਼ੇਤਰ ਵਿੱਚ ਰੋਕ ਲਿਆ ਗਿਆ ਸੀ ।
ਵੀਡੀਓ ਲਈ ਕਲਿੱਕ ਕਰੋ -: