ਮੰਗਲਵਾਰ ਨੂੰ ਪੰਜਾਬ ਦੇ ਮੋਹਾਲੀ ‘ਚ ਪੁਲਿਸ ਦੇ ਇੰਟੈਲੀਜੈਂਸ ਦਫਤਰ ਦੇ ਬਾਹਰ ਇਕ ਵਾਰ ਫਿਰ ਧਮਾਕਾ ਹੋਣ ਦੀ ਖਬਰ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ 24 ਘੰਟਿਆਂ ਵਿੱਚ ਇਹ ਦੂਜਾ ਧਮਾਕਾ ਹੈ। ਇਨ੍ਹਾਂ ਰਿਪੋਰਟਾਂ ਨੂੰ ਐਸਐਸਪੀ ਵਿਵੇਕ ਸੋਨੀ ਨੇ ਰੱਦ ਕਰ ਦਿੱਤਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਹੋਰ ਧਮਾਕਾ ਨਹੀਂ ਹੋਇਆ। ਇਸ ਤੋਂ ਪਹਿਲਾਂ ਬੀਤੀ ਰਾਤ 7:45 ਵਜੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਯੂਨਿਟ ਦੇ ਹੈੱਡਕੁਆਰਟਰ ‘ਤੇ ਧਮਾਕਾ ਹੋਇਆ ਸੀ। ਜਿਸ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੁਹਾਲੀ ਵਿੱਚ ਪੰਜਾਬ ਪੁਲੀਸ ਦੀ ਖੁਫ਼ੀਆ ਯੂਨਿਟ ਦੇ ਹੈੱਡਕੁਆਰਟਰ ਵਿੱਚ ਹੋਏ ਧਮਾਕੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਅਧਿਕਾਰਤ ਸੂਤਰਾਂ ਅਨੁਸਾਰ ਮਾਨ ਨੇ ਪੁਲਿਸ ਡਾਇਰੈਕਟਰ ਜਨਰਲ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਆਪਣੀ ਰਿਹਾਇਸ਼ ‘ਤੇ ਮੀਟਿੰਗ ਬੁਲਾ ਕੇ ਘਟਨਾ ਦੀ ਰਿਪੋਰਟ ਮੰਗੀ।
ਮੋਹਾਲੀ ਦੇ ਸੈਕਟਰ 77 ਸਥਿਤ ਪੁਲਿਸ ਇੰਟੈਲੀਜੈਂਸ ਯੂਨਿਟ ਦੇ ਮੁੱਖ ਦਫਤਰ ‘ਤੇ ਸੋਮਵਾਰ ਰਾਤ ਨੂੰ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ, ਜਿਸ ਨਾਲ ਇਮਾਰਤ ਦੀ ਤੀਜੀ ਮੰਜ਼ਿਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਘਟਨਾ ਨੂੰ ਖੁਫੀਆ ਤੰਤਰ ਦੀ ਵੱਡੀ ਅਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ, ਕਿਉਂਕਿ ਇਸ ਇਮਾਰਤ ਵਿੱਚ ਸੂਬੇ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਸਪੈਸ਼ਲ ਟਾਸਕ ਫੋਰਸ ਅਤੇ ਕੁਝ ਹੋਰ ਯੂਨਿਟਾਂ ਦੇ ਦਫ਼ਤਰ ਹਨ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸਿਆਸੀ ਪਾਰਟੀਆਂ ਨੇ ਇਸ ਨੂੰ ਚਿੰਤਾਜਨਕ ਅਤੇ ਹੈਰਾਨ ਕਰਨ ਵਾਲੀ ਘਟਨਾ ਕਰਾਰ ਦਿੱਤਾ ਹੈ।