ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਅਗਵਾਈ ਵਿੱਚ ਕਿਸਾਨਾਂ ਨੇ ਮੁਹਾਲੀ ਤੋਂ ਚੰਡੀਗੜ੍ਹ ਤੱਕ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਪੈਦਲ ਚੰਡੀਗੜ੍ਹ ਵੱਲ ਵਧ ਰਹੇ ਹਨ। ਉਨ੍ਹਾਂ ਨੇ ਮੋਹਾਲੀ ਪੁਲਿਸ ਵੱਲੋਂ ਲਗਾਏ ਗਏ ਪਹਿਲੇ ਬੈਰੀਕੇਡ ਨੂੰ ਤੋੜ ਦਿੱਤਾ ਹੈ।
ਹਾਲਾਂਕਿ ਉਨ੍ਹਾਂ ਨੂੰ ਮੁਹਾਲੀ ਪੁਲਿਸ ਨੇ ਦੂਜੇ ਬੈਰੀਕੇਡ ’ਤੇ ਰੋਕ ਲਿਆ। ਕੁਝ ਨੌਜਵਾਨ ਕਿਸਾਨ ਚੰਡੀਗੜ੍ਹ ਵਿੱਚ ਦਾਖ਼ਲ ਹੋਣ ‘ਤੇ ਅੜੇ ਹੋਏ ਹਨ। ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਤੋਂ ਬਾਅਦ ਕਿਸਾਨ ਉੱਥੇ ਹੀ ਧਰਨੇ ‘ਤੇ ਬੈਠ ਗਏ ਹਨ।
ਅੱਜ ਸਵੇਰੇ ਕਿਸਾਨਾਂ ਨੂੰ ਸੀ.ਐੱਮ. ਮਾਨ ਨਾਲ ਮੀਟਿੰਗ ਲਈ ਬੁਲਾਇਆ ਗਿਆ। ਹਾਲਾਂਕਿ ਹੁਣ ਉਹ ਕਿਸਾਨਾਂ ਨੂੰ ਮਿਲਣ ਦੀ ਬਜਾਏ ਦਿੱਲੀ ਲਈ ਰਵਾਨਾ ਹੋ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਦਿੱਲੀ ਦੌਰਾ ਪਹਿਲਾਂ ਤੋਂ ਤੈਅ ਸੀ। ਕਿਸਾਨ ਅਧਿਕਾਰੀਆਂ ਨਾਲ ਗੱਲ ਕਰਨ ਨੂੰ ਤਿਆਰ ਨਹੀਂ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਗੱਲ ਨਹੀਂ ਕਰਦੀ, ਉਹ ਇੱਥੇ ਪੱਕੇ ਮੋਰਚੇ ‘ਤੇ ਬੈਠਣਗੇ। ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਮੁਹਾਲੀ ਨਾਲ ਲੱਗਦੀ ਸਰਹੱਦ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਕਿਸੇ ਨੂੰ ਵੀ ਟਰੈਕਟਰ ਟਰਾਲੀ ਲੈ ਕੇ ਚੰਡੀਗੜ੍ਹ ਵਿੱਚ ਦਾਖਲ ਨਹੀਂ ਹੋਣ ਦੇਵੇਗੀ।
ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਪਰ ਕਿਸਾਨ ਸੀ.ਐੱਮ ਭਗਵੰਤ ਮਾਨ ਨੂੰ ਮਿਲਣ ‘ਤੇ ਅੜੇ ਹੋਏ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਿਥੇ ਪੁਲਿਸ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕੇਗੀ, ਉਥੇ ਪੱਕਾ ਮੋਰਚਾ ਲਾਉਣਗੇ।
ਵੀਡੀਓ ਲਈ ਕਲਿੱਕ ਕਰੋ -: