ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕਾਂਟ੍ਰੈਕਟਰਸ ਵਰਕਰਜ਼ ਯੂਨੀਅਨ ਨੇ ਹੜਤਾਲ ‘ਤੇ ਜਾਣ ਦੀ ਚੇਤਾਵਨੀ ਦਿੱਤੀ ਹੈ। ਯੂਨੀਅਨ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 18 ਮਈ ਨੂੰ ਦੁਪਿਹਰ 12 ਵੇ ਤੋਂ ਬਾਅਦ ਸੂਬੇ ਵਿਚ ਬੱਸਾਂ ਨਹੀਂ ਚੱਲਣਗੀਆਂ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਉਪ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ,ਬਲਜੀਤ ਸਿੰਘ ਗਿੱਲ, ਕੈਸ਼ੀਅਰ ਬਲਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਹੱਲ ਕੱਢਣ ਦੀ ਬਜਾਏ ਧੱਕੇਸ਼ਾਹੀ ਕਰਨ ਵਿਚ ਲੱਗੀ ਹੈ।
ਰੇਸ਼ਮ ਸਿੰਘ ਨੇ ਦੱਸਿਆ ਕਿ 18 ਮਈ ਤੋਂ ਬੱਸਾਂ ਨਾ ਚਲਾਉਣ ਦਾ ਐਲਾਨ ਇਸ ਲਈ ਕੀਤਾ ਗਿਆ ਹੈ ਕਿਉਂਕਿ ਮੁਲਾਜ਼ਮਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਤਨਖਾਹ ਨਹੀਂ ਮਿਲੀ ਹੈ। ਅਧਿਕਾਰੀਆਂ ਵੱਲੋਂ ਗਲਤ ਫੈਸਲੇ ਲਏ ਜਾ ਰਹੇ ਹਨ ਜਿਨ੍ਹਾਂ ਵਿਚ ਜ਼ਿਆਦਾ ਸਵਾਰੀਆਂ ਹੋਣ ‘ਤੇ ਬੱਸਾਂ ਨੂੰ ਨਾ ਰੋਕਣਾ, ਲੰਬੇ ਰੂਟ ‘ਤੇ ਬਿਨਾਂ ਕਿਤੇ ਰੁਕੇ ਚੱਲਣਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਅਧਿਕਾਰੀਆਂ ਨੂੰ ਤਤਕਾਲ ਪ੍ਰਭਾਵ ਨਾਲ ਹੱਲ ਕੱਢਣਾ ਹੋਵੇਗਾ। ਇਸ ਤੋਂ ਇਲਾਵਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 28 ਤੇ 29 ਮਈ ਨੂੰ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।
ਯੂਨੀਅਨ ਅਧਿਕਾਰੀਆਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਵਾਉਣਾ, ਵਰਕਸ਼ਾਪ ਮੁਲਾਜ਼ਮਾਂ ਨੂੰ ਰੈਗੂਲਰ ਸਟਾਫ ਦੀ ਤਰਜ ‘ਤੇ ਸਰਕਾਰੀ ਛੁੱਟੀਆਂ ਨੂੰ ਲਾਗੂ ਕਰਵਾਉਣਾ, ਤੇ ਨਵੇਂ ਬਲਾਕ ਕੀਤੇ ਪੀਆਰਟੀਸੀ ਤੇ ਪਨਬਸ ਦੇ ਮੁਲਾਜ਼ਮ 2500 ਪਲੱਸ 30 ਫੀਸਦੀ ਵਾਧੂ ਲਾਗੂ ਕੀਤਾ ਜਾਵੇ।
ਮੁਲਾਜ਼ਮਾਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ 6 ਜੂਨ ਨੂੰ ਗੇਟ ਰੈਲੀ ਕੀਤੀ ਜਾਵੇਗੀ ਜਿਸ ਤੋਂ ਬਾਅਦ 8 ਜੂਨ ਤੋਂ 10 ਜੂਨ ਤੱਕ ਪੀਆਰਟੀਸੀ ਮੁਲਾਜ਼ਮ ਹੜਤਾਲ ‘ਤੇ ਰਹਿਣਗੇ। ਕਰਮਚਾਰੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ ਕਿਉਂਕਿ ਸੱਤਾ ‘ਚ ਆਉਣ ਤੋਂ ਪਹਿਲਾਂ ‘ਆਪ’ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।