ਚੰਡੀਗੜ੍ਹ : ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਵ 22 ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ, ਜਿਥੇ ਉਹ ਤਿੰਨ ਖੇਤੀ ਕਾਨੂੰਨਾਂ ਖਿਲਾਫ ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਲਗਭਗ 700 ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਵਿੱਤੀ ਮਦਦ ਪ੍ਰਦਾਨ ਕਰਨਗੇ।
ਤੇਲੰਗਾਨਾ ਸਰਕਾਰ ਨੇ ਇਸ ਦੇ ਲਈ ਪੰਜਾਬ, ਹਰਿਆਣਾ, ਯੂਪੀ ਤੇ ਦਿੱਲੀ ਦੇ ਪਰਿਵਾਰਾਂ ਦੀ ਪਛਾਣ ਕੀਤੀ ਹੈ। ਰਿਪੋਰਟ ਮੁਤਾਬਕ ਪੰਜਾਬ ਦੇ ਮੁੱਖ ਖੇਤੀ ਅਫਸਰਾਂ ਨੂੰ ਇਸ ਆਯੋਜਨ ਲਈ ਹਰੇਕ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਮੈਂਬਰ ਨੂੰ ਨਾਲ ਲਿਆਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਸੀ.ਐੱਮ. ਭਗਵੰਤ ਮਾਨ ਤੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਦੇ ਸ਼ਾਮਲ ਹੋਣ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਯਾਤਰਾ ਨੂੰ ਲੈ ਕੇ ਕਿਆਸ ਅਰੀਆਂ ਤੇਜ਼ ਹਨ ਕਿ ਐਤਵਾਰ ਨੂੰ ਤਿੰਨ ਤਿੰਨ ਗੈਰ-ਭਾਜਪਾ ਤੇ ਗੈਰ-ਕਾਂਗਰਸੀ ਸੀ.ਐੱਮ. ਇਕੱਠੇ ਹੋਣਗੇ। ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਐਤਵਾਰ ਨੂੰ ਚੰਡੀਗੜ੍ਹ ਆਉਣ ਦੀ ਸੰਭਾਵਨਾ ਹੈ। ਸੀ.ਐੱਮ. ਭਗਵੰਤ ਮਾਨ ਦੇ ਰਾਜ ਸਰਕਾਰ ਦੀ ਕਮਾਨ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਸ਼ਹਿਰ ਦਾ ਪਹਿਲਾ ਦੌਰਾ ਹੋਵੇਗਾ। ‘ਆਪ’ ਦੇ ਕੌਮੀ ਕਨਵੀਨਰ ਨੇ ਪਿਛਲੀ ਵਾਰ ਮਾਰਚ ਵਿੱਚ ਮਾਨ ਦੇ ਸਹੁੰ ਚੁੱਕ ਸਮਾਰੋਹ ਲਈ ਸ਼ਹਿਰ ਦਾ ਦੌਰਾ ਕੀਤਾ ਸੀ।
ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਜਰੀਵਾਲ ਤੇਲੰਗਾਨਾ ਦੇ ਮੁੱਖ ਮਤੰਰੀ ਕੇ. ਚੰਦਰਸ਼ੇਖਰ ਰਾਵ ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਰਿਪੋਰਟ ਮੁਤਾਬਕ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਕੌਮੀ ਪੱਧ ਦੇ ਕਈ ਸਿਆਸੀ ਤੇ ਸਮਾਜਿਕ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲਈ ਸ਼ੁੱਕਰਵਾਰ ਨੂੰ ਦਿੱਲੀ ਦੌਰੇ ‘ਤੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮੁੱਖ ਮੰਤਰੀ ਕੇਂਦਰ ਦੇ ਵਿਵਾਦਿਤ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ। ਤੈਅ ਪ੍ਰੋਗਰਾਮ ਮੁਤਾਬਕ ਰਾਵ ਕੌਮੀ ਰਾਜਧਾਨੀ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਨਾਲ ਮਿਲਣਗੇ। ਉਹ ਦੇਸ਼ ਦੇ ਆਰਥਿਕ ਹਾਲਾਤਾਂ ਨੂੰ ਲੈ ਕੇ ਮਾਹਰਾਂ ਨਾਲ ਗੱਲਬਾਤ ਵੀ ਕਰਨਗੇ।