ਸੰਗਰੂਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੇ ਆਪਣੇ ਪੁਰਾਣੇ ਸਾਥੀ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੂੰ ਸੰਗਰੂਰ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਸੰਗਰੂਰ ਤੋਂ ਸੁਨੀਲ ਜਾਖੜ ਖਿਲਾਫ ਚੋਣ ਲੜਨ ਲਈ ਤਿਆਰ ਹਨ।
ਅਮਰਿੰਦਰ ਸਿੰਘ ਰਾਜਾ ਨੇ ਸੰਗਰੂਰ ਤੋਂ ਜ਼ਿਮਨੀ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ‘ਜੇ ਸੁਨੀਲ ਜਾਖੜ ਭਾਜਪਾ ਦੀ ਟਿਕਟ ‘ਤੇ ਚੋਣ ਲੜਦੇ ਹਨ ਤਾਂ ਮੈਂ ਉਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਉਸ ਤੋਂ ਬਾਅਦ ਪਤਾ ਲੱਗੇਗਾ ਕਿ ਵੱਡਾ ਨੇਤਾ ਕੌਣ ਹੈ। ਇਹ ਵੀ ਪਤਾ ਲੱਗੇਗਾ ਕਿ ਲੋਕ ਕਿਸ ਲੀਡਰ ਨੂੰ ਜ਼ਿਆਦਾ ਪਿਆਰ ਕਰਦੇ ਹਨ।’
ਦੱਸ ਦੇਈਏ ਕਿ 2019 ਦੀਆਂ ਲੋਕ ਸਭਾ ਚੋਣਾਂ ‘ਚ ਭਗਵੰਤ ਮਾਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਜਿੱਤਣ ‘ਚ ਸਫਲ ਰਹੇ ਸਨ। ਪਰ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਜੁਲਾਈ ਜਾਂ ਅਗਸਤ ਵਿੱਚ ਹੋ ਸਕਦੀ ਹੈ।
ਸੁਨੀਲ ਜਾਖੜ ਅਤੇ ਅਮਰਿੰਦਰ ਸਿੰਘ ਰਾਜਾ ਦੋਵੇਂ ਹੀ ਪੰਜਾਬ ਦੇ ਚੋਟੀ ਦੇ ਆਗੂਆਂ ਵਿੱਚੋਂ ਗਿਣੇ ਜਾਂਦੇ ਹਨ। ਅਮਰਿੰਦਰ ਸਿੰਘ ਗਿੱਦੜਬਾਗਾ ਤੋਂ ਲਗਾਤਾਰ ਤੀਜੀ ਵਾਰ ਵਿਧਾਨ ਸਭਾ ਚੋਣ ਜਿੱਤਣ ਵਿਚ ਸਫਲ ਰਹੇ ਹਨ। ਸੁਨੀਲ ਜਾਖੜ ਅਬੋਹਰ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਨੀਲ ਜਾਖੜ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਸੀਟ ‘ਤੇ ਮੁਕਾਬਲਾ ਕਾਫੀ ਦਿਲਚਸਪ ਹੋਣ ਦੀ ਸੰਭਾਵਨਾ ਹੈ। ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਵੀ ਆਮ ਆਦਮੀ ਪਾਰਟੀ ਦੀ ਟਿਕਟ ਲੈਣ ਲਈ ਦਾਅਵਾ ਠੋਕਿਆ ਹੈ। ਸੰਗਰੂਰ ਇਸ ਸਮੇਂ ਆਮ ਆਦਮੀ ਪਾਰਟੀ ਦਾ ਗੜ੍ਹ ਹੈ।
ਵੀਡੀਓ ਲਈ ਕਲਿੱਕ ਕਰੋ -: