ਪਿਛਲੇ ਕੁਝ ਦਿਨਾਂ ਤੋਂ ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਸੂਬਿਆਂ ਦੇ ਮੌਸਮ ਵਿੱਚ ਬਦਲਾਅ ਆਇਆ ਹੈ । ਦਿੱਲੀ, ਯੂਪੀ, ਬਿਹਾਰ ਆਦਿ ਸੂਬਿਆਂ ਵਿੱਚ ਦੋ ਦਿਨਾਂ ਤੋਂ ਭਾਰੀ ਮੀਂਹ ਪਿਆ, ਜਿਸ ਕਾਰਨ ਲੰਬੇ ਸਮੇਂ ਤੋਂ ਹੀਟਵੇਵ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ । ਕੁਝ ਹੀ ਦਿਨਾਂ ਵਿੱਚ ਤਾਪਮਾਨ ਵਿੱਚ 10 ਡਿਗਰੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ । 4-5 ਦਿਨਾਂ ਤੱਕ ਇਸ ਦੇ ਵਧਣ ਦੀ ਸੰਭਾਵਨਾ ਨਹੀਂ ਹੈ । ਰਾਜਧਾਨੀ ਦਿੱਲੀ ਸਣੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਇਸ ਸਮੇਂ ਪੂਰਬੀ ਹਵਾ ਕਾਰਨ ਗਰਮੀ ਵਧਣ ਦੀ ਕੋਈ ਸੰਭਾਵਨਾ ਨਹੀਂ ਹੈ ।
ਇਸ ਸਬੰਧੀ ਮੌਸਮ ਵਿਭਾਗ ਨੇ ਦੱਸਿਆ ਕਿ ਅਗਲੇ ਪੰਜ ਦਿਨਾਂ ਤੱਕ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਗਰਮੀ ਦੀ ਲਹਿਰ ਨਹੀਂ ਹੋਵੇਗੀ । ਇਸ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਕੁਝ ਸੂਬਿਆਂ ਵਿੱਚ ਭਾਰੀ ਬਾਰਿਸ਼ ਹੋਣ ਵਾਲੀ ਹੈ। ਇਸ ਤੋਂ ਇਲਾਵਾ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ
ਉੱਥੇ ਹੀ ਜੇਕਰ ਪੂਰਬੀ ਭਾਰਤ ਦੀ ਗੱਲ ਕੀਤੀ ਜਾਵੇ ਤਾਂ ਬਿਹਾਰ ਦੇ ਉੱਪਰ ਚੱਕਰਵਾਤੀ ਚੱਕਰ ਬਣਿਆ ਹੋਇਆ ਹੈ । ਉਥੋਂ ਇੱਕ ਟਰਫ ਲਾਈਨ ਤੇਲੰਗਾਨਾ ਤੱਕ ਆ ਰਹੀ ਹੈ। ਇਸ ਕਾਰਨ ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਅਤੇ ਉੜੀਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ । ਯਾਨੀ ਇੱਥੇ ਵੀ ਤਾਪਮਾਨ ਨਹੀਂ ਵਧੇਗਾ । ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਅਸਾਮ, ਅਰੁਣਾਚਲ ਪ੍ਰਦੇਸ਼, ਕੇਰਲ ਅਤੇ ਦੱਖਣੀ ਤੱਟਵਰਤੀ ਕਰਨਾਟਕ ਦੇ ਪੂਰਬੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਦੱਸ ਦੇਈਏ ਕਿ ਅਪ੍ਰੈਲ-ਮਈ ਵਿੱਚ ਕਈ ਦਿਨਾਂ ਤੱਕ ਦਿੱਲੀ, ਯੂਪੀ, ਬਿਹਾਰ, ਰਾਜਸਥਾਨ, ਹਰਿਆਣਾ ਆਦਿ ਸੂਬਿਆਂ ਵਿੱਚ ਹੀਟਵੇਵ ਨੇ ਤਬਾਹੀ ਮਚਾਈ ਹੋਈ ਸੀ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 49 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਗਿਆ ਸੀ। ਇਸ ਦੇ ਨਾਲ ਹੀ ਦੂਜੇ ਰਾਜਾਂ ਵਿੱਚ ਤਾਪਮਾਨ 45 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: