ਭਗਵੰਤ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿਸ ਵਿੱਚ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਇਹ ਕਾਰਵਾਈ ਬੱਸ ਪਰਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ 26 ਮਈ ਨੂੰ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਤਨਖਾਹ ਮਿਲੇਗੀ। ਮੁਅੱਤਲੀ ਦੌਰਾਨ ਅਧਿਕਾਰੀ ਦਾ ਮੁੱਖ ਦਫ਼ਤਰ ਚੰਡੀਗੜ੍ਹ ਹੀ ਰਹੇਗਾ ਅਤੇ ਉਹ ਪਰਸੋਨਲ ਵਿਭਾਗ ਦੇ ਅਧਿਕਾਰੀ ਸਕੱਤਰ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਹੈੱਡਕੁਆਰਟਰ ਨਹੀਂ ਛੱਡੇਗਾ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਟਰਾਂਸਪੋਰਟ ਮੰਤਰੀ ਕੁਲਦੀਪ ਸਿੰਘ ਭੁੱਲਰ ਵੱਲੋਂ ਬਠਿੰਡਾ ਆਰਟੀਏ ਦਫ਼ਤਰ ਦਾ ਦੌਰਾ ਕੀਤਾ ਗਿਆ ਸੀ। ਉਨ੍ਹਾਂ ਦੇ ਇਸ ਦੌਰੇ ਦੌਰਾਨ RTA ਦੇ ਦਫ਼ਤਰ ਵਿੱਚ ਇੱਕ ਪ੍ਰਾਈਵੇਟ ਬੱਸ ਅਪਰੇਟਰ ਬੈਠਾ ਸੀ। ਉਸ ਸਮੇਂ ਟਰਾਂਸਪੋਰਟ ਮੰਤਰੀ ਨੇ ਆਰ.ਟੀ.ਏ. ਨੂੰ ਹੁਕਮ ਦਿੱਤਾ ਸੀ ਕਿ ਤੁਹਾਡੇ ਦਫ਼ਤਰ ਵਿੱਚ ਪ੍ਰਾਈਵੇਟ ਬੱਸ ਅਪਰੇਟਰਾਂ ਦਾ ਕੋਈ ਕੰਮ ਨਹੀਂ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਰਟੀਏ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ ।
ਇਸ ਸਬੰਧੀ ਵਿਕਾਸ ਗਰਗ ਪ੍ਰਮੁੱਖ ਸਕੱਤਰ, ਟਰਾਂਸਪੋਰਟ ਵਿਭਾਗ ਨੇ ਦੱਸਿਆ ਕਿ ਬਠਿੰਡਾ ਨੇ ਆਰਟੀਏ ਦੇ ਸਕੱਤਰ ਬਲਵਿੰਦਰ ਸਿੰਘ ਵੱਲੋਂ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਨਿਰਧਾਰਤ ਪਰਮਿਟਾਂ ਤੋਂ ਵੱਧ ਪਰਮਿਟ ਦਿੱਤੇ ਸਨ । ਇਸ ਕਾਰਨ ਅੱਜ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਬਠਿੰਡਾ ਦੇ ਆਰ ਟੀ ਏ ਬਲਵਿੰਦਰ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਹੁਣ ਹੀ ਮੁਅੱਤਲੀ ਦੇ ਹੁਕਮ ਦੇਖੇ ਹਨ ਪਰ ਉਨ੍ਹਾਂ ਨੇ ਨਿਯਮਾਂ ਦੇ ਉਲਟ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਨਹੀਂ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: