ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕੁਝ ਦੇਰ ਪਹਿਲਾਂ ਹੀ ਗਾਇਕ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚੱਲੀਆਂ ਸਨ। ਸਿੱਧੂ ਮੂਸੇਵਾਲਾ ਸਮੇਤ 3 ਲੋਕ ਜ਼ਖਮੀ ਦੱਸੇ ਜਾ ਰਹੇ ਸਨ। ਇਹ ਘਟਨਾ ਪਿੰਡ ਜਵਾਹਰ ਕੇ ਵਿਖੇ ਗੋਲੀਆਂ ਚੱਲੀਆਂ ਹਨ। ਉਨ੍ਹਾਂ ਨੂੰ ਮਾਨਸਾ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿਥੇ ਪਹਿਲਾਂ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ ਪਰ ਹੁਣ ਜ਼ਖਮਾਂ ਦੀ ਤਾਬ ਨਾ ਸਹਿੰਦਿਆਂ ਸਿੱਧੂ ਮੂਸੇਵਾਲਾ ਨੇ ਦਮ ਤੋੜ ਦਿੱਤਾ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ‘ਤੇ ਲਗਭਗ 20 ਰਾਊਂਡ ਫਾਇਰ ਵੀ ਕੀਤੇ ਗਏ ਸਨ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਸਨ ਤੇ ਥੋੜ੍ਹੀ ਦੇਰ ਬਾਅਦ ਹੀ ਡਾਕਟਰਾਂ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਤੇ ਇਸ ਹਮਲੇ ਵਿਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ।
ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਗੰਨਮੈਨ ਸਨ ਪਰ ਮਾਨ ਸਰਕਾਰ ਨੇ ਉਨ੍ਹਾਂ ਕੋਲ ਸਿਰਫ 2 ਹੀ ਗੰਨਮੈਨ ਛੱਡੇ ਸਨ। ਸ਼ੁਰੂਆਤੀ ਸੂਚਨਾ ਮੁਤਾਬਕ ਸਿੱਧੂ ਮੂਸੇਵਾਲਾ ਸਾਥੀਆਂ ਨਾਲ ਗੱਡੀ ਵਿਚ ਜਾ ਰਹੇ ਸਨ। ਇਸੇ ਦੌਰਾਨ ਕਾਲੇ ਰੰਗ ਦੀ ਗੱਡੀ ਵਿਚ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਫਾਇਰਿੰਗ ਕੀਤੀ ਹੈ। ਘਰ ਤੋਂ ਲਗਭਗ 5 ਕਿਲੋਮੀਟਰ ਦੂਰ ਜਾਣ ‘ਤੇ ਹੀ ਮੂਸੇਵਾਲਾ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਉਸ ਸਮੇਂ ਮੂਸੇਵਾਲਾ ਖੁਦ ਥਾਰ ਗੱਡੀ ਡਰਾਈਵ ਕਰ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਕੱਲ੍ਹ ਹੀ ਆਪਣੇ ਵਕੀਲ ਨਾਲ ਗੱਲ ਕੀਤੀ ਸੀ ਜਿਸ ਵਿਚ ਉਨ੍ਹਾਂ ਨੇ ਜਾਨ ਦਾ ਖਤਰਾ ਦੱਸਿਆ ਸੀ। ਮੂਸੇਵਾਲਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਅਚਾਨਕ ਬਿਨਾਂ ਕੋਈ ਨੋਟਿਸ ਦਿੱਤੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਹੈ। ਇਸ ਲਈ ਕੋਈ ਦੂਜਾ ਇੰਤਜ਼ਾਮ ਕਰਨਾ ਹੋਵੇਗਾ।