ਸਿੱਧੂ ਮੂਸੇਵਾਲਾ ਦੇ ਕਤਲਕਾਂਡ ਤੋਂ ਬਾਅਦ ਪੁਲਿਸ ਚੌਕਸ ਹੋ ਚੁੱਕੀ ਹੈ। ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੂਰੇ ਮਾਨਸਾ ਜ਼ਿਲ੍ਹੇ ਵਿੱਚ ਐਂਟਰੀ ਪੁਆਇੰਟ ‘ਤੇ ਨਾਕਾਬੰਦੀ ਕੀਤੀ ਜਾ ਚੁੱਕੀ ਹੈ। ਪਿੰਡ ਮੂਸੇਵਾਲਾ ਨੂੰ ਪੁਲਿਸ ਤੇ ਨੀਮ ਫੌਜੀ ਬਲਾਂ ਨੇ ਘੇਰਿਆ ਹੋਇਆ ਹੈ। ਉਥੇ ਹੀ ਪੁਲਿਸ ਨੇ ਪਟਿਆਲਾ ਤੋਂ ਦੋ ਸ਼ੱਕੀਆਂ ਨੂੰ ਹਿਰਾਸਤ ‘ਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਫੜ ਲਿਆ ਹੈ ਅਤੇ ਪੁੱਛਗਿੱਛ ਲਈ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ।
ਹਾਲਾਂਕਿ ਪਟਿਆਲਾ ਪੁਲਿਸ ਨੇ ਇਸ ਸਬੰਧ ਵਿੱਚ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ ਪਰ ਚੰਡੀਗੜ੍ਹ ਮੁੱਖ ਦਫ਼ਤਰ ਦੇ ਸੂਤਰਾਂ ਮੁਤਾਬਕ ਇਨ੍ਹਾਂ ਦੋਵਾਂ ਵਿਅਕਤੀਆਂ ਤੋਂ ਓਕੂ ਦੇ ਇੱਕ ਸੀਨੀਅਰ ਅਧਿਕਾਰੀ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਇੱਕ ਅਧਿਕਾਰੀ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮਾਨਸਾ ਜਾਣ ਵਾਲੀ ਹਰ ਸੜਕ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀਆਂ ਨੂੰ ਰੋਕਿਆ ਜਾ ਰਿਹਾ ਹੈ ਤੇ ਪੁੱਛਗਿੱਛ ਤੋਂ ਬਾਅਦ ਹੀ ਅੱਗੇ ਜਾਣ ਦਿੱਤਾ ਜਾ ਰਿਹਾ ਹੈ। ਮਾਨਸਾ ਤੋਂ ਲੈ ਕੇ ਜ਼ਿਲ੍ਹਾ ਲੁਧਿਆਣਾ ਦੀਆਂ ਸੜਕਾਂ ‘ਤੇ ਸਖਤ ਪ੍ਰਬੰਧ ਦੇਖਣ ਨੂੰ ਮਿਲੇ। ਹਾਦਸੇ ਮਗਰੋਂ ਸ਼ਹਿਰ ਦੇ ਐਂਟਰੀ ਤੇ ਐਗਜ਼ਿਟ ਪੁਆਇੰਟ ਪੁਲਿਸ ਵੱਲਂ ਸੀਲ ਕਰ ਦਿੱਤੇ ਗਏ। ਫਿਰੋਜ਼ਪੁਰ ਰੋਡ ‘ਤੇ ਵੀ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਹੈ। ਦੂਜੇ ਪਾਸੇ ਮੁੱਲਾਂਪੁਰ, ਸੁਧਾਰ, ਰਾਏਕੋਟ ਆਦਿ ਥਾਵਾਂ ‘ਤੇ ਪੁਲਿਸ ਨੇ ਹਾਈ ਅਲਰਟ ਤਹਿਤ ਨਾਕਾਬੰਦੀ ਕੀਤੀ ਹੋਈ ਹੈ।
ਥਾਣਾ ਸੁਧਾਰ ਦੇ ਐੱਸ.ਐੱਚ.ਓ. ਕਿਰਨਦੀਪ ਨੇ ਦੱਸਿਆ ਕਿ ਹਰ ਗੱਡੀ ਨੂੰ ਚੈੱਕ ਕੀਤਾ ਜਾ ਰਿਹਾ ਹੈ। ਸ਼ੱਕੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਰਾਏਕੋਟ ਵਿੱਚ ਵੀ ਪੁਲਿਸ ਫੋਰਸ ਨੇ ਨਾਕਾਬੰਦੀ ਕੀਤੀ ਹੈ। ਸ਼ੱਕੀਆਂ ਦੀਆਂ ਆਈ.ਡੀ. ਚੈੱਕ ਕਰਕੇ ਵੀਡੀਓ ਵੀ ਬਣਾਈਆਂ ਜਾ ਰਹੀਆਂ ਹਨ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਨ ਸਰਕਾਰ ਵੱਲੋਂ ਵੀ.ਆਈ.ਪੀ. ਸੁਰੱਖਿਆ ਵਿੱਚ ਕਟੌਤੀ ਕਰਨ ਨੂੰ ਲੈ ਕੇ ਸਵਾਲ ਉਠ ਰਹੇ ਹਨ। ਮੂਸੇਵਾਲਾ ਦੇ ਪ੍ਰਸ਼ੰਸਕਾਂ ਵਿੱਚ ਕਾਫੀ ਗੁੱਸਾ ਹੈ। ਲੋਕਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਸਨ, ਪਰ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਗੰਭੀਰਤਾ ਨਹੀਂ ਵਿਖਾਈ।
ਵੀਡੀਓ ਲਈ ਕਲਿੱਕ ਕਰੋ -: