ਸੁਰੱਖਿਆ ਵਿਚ ਕਟੌਤੀ ਦੇ ਇੱਕ ਦਿਨ ਮਗਰੋਂ ਸਿੱਧੂ ਮੂਸੇਵਾਲਾ ਦੇ ਕਤਲ ਹੋਣ ‘ਤੇ ਹੁਣ ਸਾਰੀਆਂ ਸਿਆਸੀ ਤੇ ਵੱਡੀਆਂ ਸ਼ਖਸੀਅਤਾਂ ਦੀ ਸਕਿਓਰਿਟੀ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਆਪਣੀ ਸੁਰੱਖਿਆ ਵਧਾਉਣ ਲਈ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦਾ ਜਾਂ ਉਨ੍ਹਾਂ ਦੇ ਪਰਿਵਾਰ ਦਾ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪੁਲਿਸ ਹੋਵੇਗੀ।
ਸੁਖਪਾਲ ਖਹਿਰਾ ਨੇ ਡੀਜੀਪੀ ਨੂੰ ਕਿਹਾ ਕਿ ਉਨ੍ਹਾਂ ਦੀ ਇੱਕ ਰਿਹਾਇਸ਼ ਪਿੰਡ ਰਾਮਗੜ੍ਹ ਥਾਣਾ ਭੁਲੱਥ, ਜ਼ਿਲ੍ਹਾ ਕਪੂਰਥਲਾ ਅਤੇ ਦੂਜੀ ਰਿਹਾਇਸ਼ ਚੰਡੀਗੜ੍ਹ ਵਿੱਚ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਵੇਲੇ ਜਿਹੜੀ ਸਕਿਓਰਿਟੀ ਉਨ੍ਹਾਂ ਨੂੰ ਮੁਹੱਈਆ ਕਰਵਾਈ ਗਈ ਹੈ, ਉਹ ਕਾਫੀ ਨਹੀਂ ਹੈ। ਇਸ ਲਈ ਉਨ੍ਹਾਂ ਡੀਜੀਪੀ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀਆਂ ਦੋਵੇਂ ਰਿਹਾਇਸ਼ਾਂ ’ਤੇ ਗਾਰਦ ਤਾਇਨਾਤ ਕੀਤੇ ਜਾਣ, ਇੱਕ ਸੁਰੱਖਿਆ ਵਾਹਨ ਮੁਹੱਈਆ ਕਰਵਾਇਆ ਜਾਵੇ ਅਤੇ ਲੋੜੀਂਦੇ ਸੁਰੱਖਿਆ ਮੁਲਾਜ਼ਮਾਂ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰ ਕੇ ਤਾਇਨਾਤ ਕੀਤਾ ਜਾਵੇ।
ਖਹਿਰਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਹੁੰਦਿਆਂ ਉਹ ਪੰਜਾਬੀਆਂ ਦੇ ਹੱਕਾਂ ਦੀ ਗੱਲ ਹਮੇਸ਼ਾ ਜ਼ੋਰਦਾਰ ਢੰਗ ਨਾਲ ਉਠਾਉਂਦੇ ਰਹੇ। ਭਾਵੇਂ ਉਹ ਭੂ ਮਾਫ਼ੀਆ, ਡਰੱਗ ਮਾਫ਼ੀਆ, ਰੇਤ ਮਾਫ਼ੀਆ, ਕੇਬਲ ਮਾਫ਼ੀਆ, ਗੈਂਗਸਟਰਾਂ ਜਾਂ ਡੇਰਾਵਾਦ ਵਿਰੁੱਧ ਹੋਵੇ। ਇਸ ਤੋਂ ਇਲਾਵਾ ਜਦੋਂ ਉਨ੍ਹਾਂ ਨੇ ਕਾਨੂੰਨ ਅਤੇ ਇਸ ਦੇ ਅਧੀਨ ਨਿਰਦੋਸ਼ਾਂ ਨੂੰ ਝੂਠੇ ਕੇਸਾਂ ਵਿੱਚ ਫਸਾਏ ਜਾਣ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ ਤਾਂ ਕੱਟੜਵਾਦੀ ਸੰਸਥਾਵਾਂ ਤੇ ਵਿਅਕਤੀਆਂ ਵੱਲੋਂ ਉਸ ਦੀ ਆਵਾਜ਼ ਦਬਾਉਣ ਲਈ ਧਮਕੀਆਂ ਦਿੱਤੀਆਂ ਗਈਆਂ ਸਨ, ਇਸ ਕਰਕੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -: