ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੇ ਪੰਜਾਬ ਦੇ ਲੋਕ ਭੜਕੇ ਹੋਏ ਹਨ। ਉਸ ਦੇ ਪ੍ਰਸ਼ੰਸਕਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਪੰਜਾਬ ਪੁਲਿਸ ਵੀ ਅਲਰਟ ਹੋ ਗਈ ਹੈ ਤੇ ਇਸ ਮਾਮਲੇ ਵਿੱਚ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ। ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਤਿੰਨ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ, ਜਿਸ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਮਾਮਲੇ ਨੂੰ ਸੁਲਝਾਉਣ ਲਈ ਕੇਂਦਰੀ ਏਜੰਸੀਆਂ ਦੀ ਮਦਦ ਵੀ ਲਈ ਜਾ ਰਹੀ ਹੈ। ਪੰਜਾਬ ਪੁਲਿਸ ਜਲਦ ਹੀ ਗੋਲਡੀ ਬਰਾੜ ਲਈ ਰੈੱਡ ਕਾਰਨਰ ਨੋਟਿਸ ਜਾਰੀ ਕਰੇਗੀ ਜਿਸ ਤਹਿਤ ਗੋਲਡੀ ਬਰਾੜ ਨੂੰ ਭਾਰਤ ਲਿਆਂਦਾ ਜਾ ਸਕਦਾ ਹੈ।
ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਵਿੱਚ 7000 ਫੋਨ ਕਾਲਾਂ ਜਾਂਚ ਦੇ ਘੇਰੇ ਵਿੱਚ ਆ ਚੁੱਕੀਆਂ ਹਨ। ਜਾਂਚ ਦੌਰਾਨ ਪੰਜਾਬ ਪੁਲਿਸ ਨੇ ਨੌਂ ਮੋਬਾਈਲ ਟਾਵਰਾਂ ਰਾਹੀਂ ਕੀਤੀਆਂ 90 ਹਜ਼ਾਰ ਮੋਬਾਈਲ ਕਾਲਾਂ ਤੋਂ ਇਹ ਡਾਟਾ ਇਕੱਠਾ ਕੀਤਾ ਹੈ।
ਇਨ੍ਹਾਂ ਦੀ ਜਾਂਚ ਲਈ ਪੁਲਿਸ ਵੱਲੋਂ ਵੱਡੀ ਸਾਈਬਰ ਮਾਹਿਰ ਟੀਮ ਤਾਇਨਾਤ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਜਾਂਚ ਦੌਰਾਨ ਦਾਅਵਾ ਕੀਤਾ ਹੈ ਕਿ ਕੁਝ ਅਜਿਹੇ ਸਬੂਤ ਉਨ੍ਹਾਂ ਦੇ ਹੱਥ ਲੱਗੇ ਹਨ, ਜਿਸ ਕਰਕੇ ਉਹ ਇਸ ਮਾਮਲੇ ਨੂੰ ਸੁਲਝਾਉਣ ਦੇ ਨੇੜੇ ਪਹੁੰਚ ਗਏ ਹਨ।
ਪੁਲਿਸ ਅਧਿਕਾਰੀ ਕਤਲ ਨਾਲ ਸਬੰਧਤ ਹਰ ਪਹਿਲੂ ਦੀ ਜਾਂਚ ਕਰ ਰਹੇ ਹਨ। ਪੁਲਿਸ ਸੀਸੀਟੀਵੀ ਫੁਟੇਜ ਤੋਂ ਲੈ ਕੇ ਸਿੱਧੂ ਮੂਸੇਵਾਲਾ ਨਾਲ ਫ਼ੋਨ ‘ਤੇ ਹੋਈ ਗੱਲਬਾਤ ਤੱਕ ਸਬੂਤ ਇਕੱਠੇ ਕਰ ਰਹੀ ਹੈ। ਜਾਂਚ ਦੌਰਾਨ ਪੁਲਿਸ ਨੂੰ ਕਰੀਬ 21 ਸੀਸੀਟੀਵੀ ਫੁਟੇਜ ਮਿਲੇ ਹਨ ਜੋ ਸ਼ੱਕੀ ਹਨ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਕਾਤਲਾਂ ਵੱਲੋਂ ਹਮਲੇ ਨੂੰ ਅੰਜਾਮ ਦੇਣ ਲਈ ਚਾਰ ਤਰ੍ਹਾਂ ਦੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਪੰਜਾਬ ਪੁਲਿਸ ਵੀ ਲਗਾਤਾਰ ਦਿੱਲੀ ਕ੍ਰਾਈਮ ਬ੍ਰਾਂਚ ਦੇ ਸੰਪਰਕ ਵਿੱਚ ਹੈ। ਪੰਜਾਬ ਪੁਲਿਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਤਿਹਾੜ ਜੇਲ ‘ਚ ਬੰਦ ਗੈਂਗਸਟਰ ਸ਼ਾਹਰੁਖ ਤੋਂ ਪੁੱਛਗਿੱਛ ਕਰ ਸਕਦੀ ਹੈ। ਹੁਣ ਤੱਕ ਪੁਲਿਸ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੁਰਲਾਲ ਅਤੇ ਗੋਲਡੀ ਬਰਾੜ ਨਾਲ ਜੁੜੇ ਦਰਜਨ ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਗੁੱਥੀ ਸੁਲਝਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਇੱਕ ਵੱਡਾ ਖੁਲਾਸਾ ਹੋਇਆ ਹੈ ਕਿ ਮੂਸੇਵਾਲਾ ਨੂੰ ਪਿਛਲੇ ਤਿੰਨ ਸਾਲਾਂ ਵਿੱਚ 23 ਵਾਰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲੀਆਂ ਸਨ। ਉਸ ਨੂੰ ਬਿਸ਼ਨੋਈ ਗੈਂਗ, ਗੁਰਲਾਲ ਗੈਂਗ, ਸੁੱਖਾ ਕਾਹਲਵਾਂ ਅਤੇ ਗੋਲਡੀ ਗੈਂਗ ਨਾਲ ਜੁੜੇ ਗੁਰਗਿਆਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ।