ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀਕੇ ਭਾਵਰਾ ਵੱਲੋਂ SIT ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ, ਜਿਸ ਤਹਿਤ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕੇਸ ਦੀ ਜਾਂਚ ਕਰੇਗੀ।
ਹੁਣ, ਛੇ ਮੈਂਬਰੀ ਐਸਆਈਟੀ ਵਿੱਚ ਇੱਕ ਨਵਾਂ ਚੇਅਰਮੈਨ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਪੀਏਪੀ ਜਸਕਰਨ ਸਿੰਘ ਅਤੇ ਏਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ ਅਤੇ ਐਸਐਸਪੀ ਮਾਨਸਾ ਗੌਰਵ ਤੂਰਾ ਸਮੇਤ ਦੋ ਨਵੇਂ ਮੈਂਬਰ ਹੋਣਗੇ। ਜਦਕਿ ਐਸਪੀ ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ, ਡੀਐਸਪੀ ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ ਅਤੇ ਇੰਚਾਰਜ ਸੀਆਈਏ ਮਾਨਸਾ ਪ੍ਰਿਥੀਪਾਲ ਸਿੰਘ ਮੌਜੂਦਾ ਤਿੰਨ ਮੈਂਬਰ ਹਨ।
ਨਵੇਂ ਹੁਕਮਾਂ ਮੁਤਾਬਕ ਡੀਜੀਪੀ ਨੇ ਕਿਹਾ ਕਿ ਐਸਆਈਟੀ ਰੋਜ਼ਾਨਾ ਅਧਾਰ ‘ਤੇ ਜਾਂਚ ਕਰੇਗੀ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇਗੀ,ਅਤੇ ਜਾਂਚ ਪੂਰੀ ਹੋਣ ‘ਤੇ ਸੀਆਰਪੀਸੀਐਨ ਦੀ ਧਾਰਾ 173 ਦੇ ਤਹਿਤ ਪੁਲਿਸ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ ਕਿ ਐਸਆਈਟੀ ਕਿਸੇ ਹੋਰ ਪੁਲਿਸ ਅਧਿਕਾਰੀ ਦੀ ਚੋਣ ਕਰ ਸਕਦੀ ਹੈ ਅਤੇ ਡੀਜੀਪੀ ਦੀ ਪ੍ਰਵਾਨਗੀ ਨਾਲ ਕਿਸੇ ਵੀ ਮਾਹਰ/ਅਧਿਕਾਰੀ ਦੀ ਸਹਾਇਤਾ ਲੈ ਸਕਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਜੋ ਕਿ ਐਤਵਾਰ ਸ਼ਾਮ 4:30 ਵਜੇ ਦੇ ਕਰੀਬ ਆਪਣੇ ਦੋ ਸਾਥੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲਿਆ ਸੀ, ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 302, 307, 341, 148, 149 ਅਤੇ 120-ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25,27/54/59 ਤਹਿਤ ਐਫ.ਆਈ.ਆਰ ਨੰ.103 ਮਿਤੀ 29-05-2022 ਨੂੰ ਥਾਣਾ ਸਿਟੀ-1 ਮਾਨਸਾ ਵਿਖੇ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: