ਆਪ੍ਰੇਸ਼ਨ ਬਲੂ ਸਟਾਰ ਦੀ ਅੱਜ 38ਵੀਂ ਬਰਸੀ ਹੈ । ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਵਧਾ ਦਿੱਤੀ ਹੈ । 1984 ਵਿੱਚ ਅੱਜ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਪ੍ਰੇਸ਼ਨ ਬਲੂ ਸਟਾਰ ਨੂੰ ਅੰਜਾਮ ਦਿੱਤਾ ਗਿਆ ਸੀ। ਦੱਸ ਦੇਈਏ ਕਿ 6 ਜੂਨ 1984 ਨੂੰ ਸਿੱਖਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ‘ਤੇ ਭਾਰਤੀ ਫੌਜ ਦੀ ਕਾਰਵਾਈ ‘ਸਾਕਾ ਨੀਲਾ ਤਾਰਾ’ ਪੂਰੀ ਦੁਨੀਆ ਵਿੱਚ ਸੁਰਖੀਆਂ ਵਿੱਚ ਰਿਹਾ । ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਉੱਥੇ ਹੀ ਇਸ ਪ੍ਰੋਗਰਾਮ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਗੂੰਜ ਰਹੇ ਹਨ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚ ਰਹੇ ਹਨ।
ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੁਝ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਗੇ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕਰਨਗੇ । ਪੁਲਿਸ ਨੇ ਪਿਛਲੇ ਸਾਲਾਂ ਵਾਂਗ ਕਿਸੇ ਵੀ ਘਟਨਾ ਤੋਂ ਬਚਣ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ।
ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ‘ਤੇ ਸਰਕਾਰ ਦੀ ਸਖਤੀ, ਟੀਮਾਂ ਕਰ ਰਹੀਆਂ ਚੈਕਿੰਗ, ਠੋਕ ਰਹੀਆਂ ਵੱਡੇ ਜੁਰਮਾਨੇ
ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ ਤੱਕ ਆਉਣ-ਜਾਣ ਵਾਲੇ ਸਾਰੇ ਰਸਤਿਆਂ ‘ਤੇ ਪੁਲਿਸ ਅਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ । ਕੈਂਪਸ ਅੰਦਰ SGPC ਵੱਲੋਂ ਵੀ ਆਪਣੀ ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ । ਦੱਸ ਦੇਈਏ ਕਿ ਐਤਵਾਰ ਨੂੰ ਦਲ ਖਾਲਸਾ ਵੱਲੋਂ ਘੱਲੂਘਾਰਾ ਯਾਦਗਾਰੀ ਆਜ਼ਾਦੀ ਮਾਰਚ ਕੱਢਿਆ ਗਿਆ ਸੀ । ਨੌਜਵਾਨਾਂ ਨੇ ਇਸ ਦੌਰਾਨ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਵੀ ਦੁਹਰਾਈ । ਇਸ ਮੌਕੇ ਜਥੇਬੰਦੀ ਦੇ ਆਗੂਆਂ ਕੰਵਰਪਾਲ ਸਿੰਘ ਬਿੱਟੂ, ਹਰਪਾਲ ਸਿੰਘ ਚੀਮਾ, ਪਰਮਜੀਤ ਸਿੰਘ ਮੰਡ, ਪਰਮਜੀਤ ਸਿੰਘ ਟਾਂਡਾ ਆਦਿ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਸਾਕਾ ਨੀਲਾ ਤਾਰਾ ਸਿੱਖਾਂ ਲਈ ਨਾ ਭੁੱਲਣਯੋਗ ਘਟਨਾ ਹੈ।
ਵੀਡੀਓ ਲਈ ਕਲਿੱਕ ਕਰੋ -: