ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ-ਬਸਪਾ ਗਠਜੋੜ ਦੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ ਕਈ ਵਰਕਰ ਹਾਜ਼ਰ ਸਨ। ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਕਮਲਦੀਪ ਕੌਰ ਰਾਜੋਆਣਾ ਨੇ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ।
ਉਨ੍ਹਾਂ ਟਵੀਟ ਕਰਕੇ ਕਿਹਾ-‘ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫ਼ਤਿਹ। ਮੈ ਕੌਮੀ ਮਿਸ਼ਨ ਆਪਣੇ ਬੰਦੀ ਵੀਰਾਂ ਦੀ ਰਿਹਾਈ ਨੂੰ ਲੈ ਕੇ ਸੰਗਰੂਰ ਜ਼ਿਮਨੀ ਚੋਣ ਲੜਨ ਲਈ ਪੰਥਕ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੀ ਹਾਂ। ‘ਅੱਜ ਨਾਮਜ਼ਦਗੀ ਪੇਪਰ ਦਾਖਲ ਕਰਾਉਣ ਤੋਂ ਬਾਅਦ , ਪੰਜਾਬ ਸਰਕਾਰ ਵੱਲੋਂ ਮੈਨੂੰ ਪੁਲਿਸ ਸਕਿਉਰਟੀ ਮੁਹਈਆ ਕਰਵਾਈ ਗਈ। ਮੇਰਾ ਪਰਿਵਾਰ ਪੰਥ ਦਾ ਪਰਿਵਾਰ ਹੈ। ਸ਼ਹੀਦਾਂ ਤੇ ਬੰਦੀ ਸਿੰਘਾਂ ਦਾ ਪਰਿਵਾਰ ਹੈ। ਮੈਨੂੰ ਖਾਲਸਾ ਪੰਥ ਅਤੇ ਸਮੂਹ ਪੰਜਾਬੀਆਂ ‘ਤੇ ਮਾਣ ਹੈ ਕਿ ਇੱਕ ਧੀ ਅਤੇ ਭੈਣ ਹੋਣ ਦੇ ਨਾਤੇ ਮੇਰੀ ਸੁਰੱਖਿਆ ਖਾਲਸਾ ਪੰਥ ਕਰੇਗਾ। ਇਸ ਕਰਕੇ ਮੈਂ ਪੰਜਾਬ ਸਰਕਾਰ ਦੀ ਸਰਕਾਰੀ ਸਕਿਉਰਟੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।’
ਇਸ ਤੋਂ ਪਹਿਲਾਂ ਐਤਵਾਰ ਨੂੰ ਕਮਲਦੀਪ ਕੌਰ ਰਾਜੋਆਣਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ। ਉਨ੍ਹਾਂ ਦੱਸਿਆ ਸੀ ਕਿ ਉਹ ਚੋਣਾਂ ਤੋਂ ਪਹਿਲਾਂ ਜੇਲ੍ਹ ਵਿਚ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੇ ਸਨ ਅਤੇ ਉਨ੍ਹਾਂ ਦੇ ਭਰਾ ਦੀ ਸਹਿਮਤੀ ਨਾਲ ਚੋਣ ਲੜਨ ਦਾ ਫ਼ੈਸਲਾ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: