ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਵਾਲੇ ਕਾਂਗਰਸੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਚੰਡੀਗੜ੍ਹ ਪੁਲਿਸ ਕਾਂਗਰਸੀ ਲੀਡਰਾਂ ਨੂੰ ਬੱਸ ਵਿੱਚ ਭਰ ਕੇ ਥਾਣੇ ‘ਚ ਲੈ ਗਈ ਹੈ। ਇਨ੍ਹਾਂ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੋਂ ਇਲਾਵਾ ਕਈ ਲੀਡਰ ਸ਼ਾਮਲ ਹਨ।
ਦੂਜੇ ਪਾਸੇ ਇਸ ਧਰਨੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ। ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਹਨਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?
ਦੱਸ ਦੇਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੋਰ ਕਾਂਗਰਸੀ ਲੀਡਰਾਂ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੇ, ਪਰ ਉਨ੍ਹਾਂ ਨੂੰ ਸੀ.ਐੱਮ. ਮਾਨ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ, ਜਿਸ ‘ਤੇ ਰਾਜਾ ਵੜਿੰਗ ਸਣੇ ਸਾਰੇ ਵੱਡੇ ਲੀਡਰਾਂ ਨੇ ਸੀ.ਐੱਮ. ਮਾਨ ਦੀ ਰਿਹਾਇਸ਼ ਅੱਗੇ ਧਰਨਾ ਲਾ ਲਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮਤੰਰੀ ਦਾ ਕੋਈ ਜਵਾਬ ਨਹੀਂ ਆਉਂਦਾ ਉਹ ਇਥੋਂ ਨਹੀਂ ਉਠਣਗੇ। ਸੀ.ਐੱਮ. ਮਾਨ ਨੇ ਉਨ੍ਹਾਂ ਨੂੰ ਇੱਕ ਵਜੇ ਤੋਂ ਬਾਅਦ ਦਾ ਸਮਾਂ ਦਿੱਤਾ ਸੀ ਪਰ ਉਹ ਨਹੀਂ ਮੰਨੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ
ਕਾਂਗਰਸੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਤੇ ਸੰਗਤ ਸਿੰਘ ਗਿਲਜੀਆਂ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਾਕਰ ਬਦਲਾਖੋਰੀ ਦੀ ਕਾਰਵਾਈ ਕਰ ਰਹੇ ਹਨ। ਇਸ ਤੋਂ ਇਲਾਵਾ ਲਾਅ ਐਂਡ ਆਰਡਰ ‘ਤੇ ਵੀ ਉਹ ਸਰਕਾਰ ਦਾ ਵਿਰੋਧ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: