ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ, ਜਿਸ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਦਿੱਤੀ। ਦੱਸਿਆ ਗਿਆ ਹੈ ਕਿ ਉਹ ਕੋਰੋਨਾ ਤੋਂ ਬਾਅਦ ਕੁਝ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਅਤੇ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਕਰ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਦੱਸਿਆ ਕਿ ਸੋਨੀਆ ਗਾਂਧੀ ਦੀ ਹਾਲਤ ਫਿਲਹਾਲ ਸਥਿਰ ਹੈ ਪਰ ਉਨ੍ਹਾਂ ਨੂੰ ਹਸਪਤਾਲ ‘ਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਨੇ ਸੋਨੀਆ ਗਾਂਧੀ ਦੇ ਸਾਰੇ ਸ਼ੁਭਚਿੰਤਕਾਂ ਅਤੇ ਪਾਰਟੀ ਵਰਕਰਾਂ ਦਾ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਲਈ ਧੰਨਵਾਦ ਵੀ ਕੀਤਾ।
ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕੁਝ ਦਿਨ ਪਹਿਲਾਂ ਕੋਰੋਨਾ ਹੋਇਆ ਸੀ, ਜਿਸ ਤੋਂ ਬਾਅਦ ਪ੍ਰਿਅੰਕਾ ਗਾਂਧੀ ਸਣੇ ਕਈ ਕਾਂਗਰਸੀ ਨੇਤਾ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਦੋਂ ਤੋਂ ਸੋਨੀਆ ਘਰ ਵਿਚ ਆਈਸੋਲੇਸ਼ਨ ਵਿਚ ਸੀ।
ਦੂਜੇ ਪਾਸੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਨੀਆ ਗਾਂਧੀ ਨੂੰ ਨਵਾਂ ਸੰਮਨ ਜਾਰੀ ਕਰਕੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ 23 ਜੂਨ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਹੈ। ਸੋਨੀਆ (75) ਨੂੰ ਪਹਿਲਾਂ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਕਿਉਂਕਿ ਉਹ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਸਨ, ਉਨ੍ਹਾਂ ਨੇ ਆਪਣੀ ਪੇਸ਼ੀ ਲਈ ਈਡੀ ਤੋਂ ਨਵੀਂ ਤਾਰੀਖ ਦੀ ਮੰਗ ਕੀਤੀ ਸੀ। ਹੁਣ ਉਨ੍ਹਾਂ ਨੂੰ ਕੋਰੋਨਾ ਕਰਕੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਸੋਨੀਆ ਤੋਂ ਇਲਾਵਾ ਰਾਹੁਲ ਗਾਂਧੀ ਨੂੰ ਵੀ ਈਡੀ ਨੇ ਤਲਬ ਕੀਤਾ ਹੈ, ਜਿਸ ਤੋਂ ਬਾਅਦ ਹੁਣ 13 ਜੂਨ ਨੂੰ ਰਾਹੁਲ ਪੁੱਛਗਿੱਛ ਲਈ ਈਡੀ ਸਾਹਮਣੇ ਪੇਸ਼ ਹੋ ਸਕਦੇ ਹਨ।