ਚੰਡੀਗੜ੍ਹ/ਜਲੰਧਰ : ਪੰਜਾਬ ਪੁਲਿਸ ਨੇ ਵੀਰਵਾਰ ਨੂੰ ਟੀ-ਪੁਆਇੰਟ ਲਾਡੋਵਾਲੀ ਰੋਡ ਜਲੰਧਰ ਵਿਖੇ ਵਿਸ਼ੇਸ਼ ਪੁਲਿਸ ਚੈਕਿੰਗ ਦੌਰਾਨ ਗੈਂਗ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਨੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਸੰਨੀ, ਸਮਾਇਲ ਉਰਫ ਸ਼ੇਰੂ, ਦਿਵੰਸ਼ ਉਰਫ ਵੰਸ਼, ਹੈਪੀ ਅਤੇ ਲਵ ਕੁਮਾਰ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਚਾਰ .32 ਬੋਰ ਦੇ ਪਿਸਤੌਲ ਸਣੇ 6 ਮੈਗਜ਼ੀਨ ਅਤੇ 32 ਜਿੰਦਾ ਕਾਰਤੂਸ, 6.5 ਲੱਖ ਰੁਪਏ ਦੀ ਡਰੱਗ ਮਨੀ, 103 ਗ੍ਰਾਮ ਹੈਰੋਇਨ, ਤਿੰਨ ਕਾਰਾਂ ਮਾਰੂਤੀ ਸਵਿਫਟ, ਹੁੰਡਈ ਸੈਂਟਰੋ ਅਤੇ ਹੌਂਡਾ ਅਮੇਜ਼- ਅਤੇ 550 ਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਲਵ ਕੁਮਾਰ ਨੂੰ ਛੱਡ ਕੇ ਬਾਕੀ ਚਾਰੇ ਮੁਲਜ਼ਮ ਹਿਸਟਰੀ ਸ਼ੀਟਰ ਹਨ ਅਤੇ ਸ਼ਹਿਰ ਵਿੱਚ ਕਈ ਹਿੰਸਕ ਅਪਰਾਧਾਂ ਦੇ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਲੰਬੇ ਸਮੇਂ ਤੋਂ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ।
ਉਨ੍ਹਾਂ ਕਿਹਾ ਕਿ ਸੰਨੀ ਅਤੇ ਸ਼ੇਰੂ ਹਾਲ ਹੀ ਵਿੱਚ ਇੱਕ ਲੋਕਲ ਫੈਕਟਰੀ ਮਾਲਕ ਦੀ ਕਾਰ ’ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਵੀ ਸ਼ਾਮਲ ਸਨ ਅਤੇ ਉਹ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਈ ਅਪਰਾਧਿਕ ਮਾਮਲਿਆਂ ਦੇ ਹੱਲ ਹੋਣ ਦੀ ਉਮੀਦ ਹੈ।
ਸੀਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹ ਗਿਰੋਹ ਆਉਣ ਵਾਲੇ ਦਿਨਾਂ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਦੌਰਾਨ ਥਾਣਾ ਨਵੀਂ ਬਾਰਾਦਰੀ ਜਲੰਧਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਅਤੇ 22 ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਐੱਫ.ਆਈ.ਆਰ ਨੰਬਰ 68 ਮਿਤੀ 16.06.2022 ਦਰਜ ਕੀਤੀ ਗਈ ਹੈ।