ਮੋਦੀ ਸਰਕਾਰ ਵੱਲੋਂ ਭਾਰਤੀ ਫੌਜ ਵਿੱਚ ‘ਅਗਨੀਪਥ’ ਸਕੀਮ ਲਾਗੂ ਕਰਨ ਦੇ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਅਤੇ ਦੇਸ਼ ਦੇ ਨੌਜਵਾਨਾਂ ਦੇ ਦੇ ਹਿੱਤ ਵਿੱਚ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਖੇਤੀ ਤੋਂ ਬਾਅਦ ਇਹ ਨੌਜਵਾਨਾਂ ‘ਤੇ ਇੱਕ ਗੰਭੀਰ ਹਮਲਾ ਹੈ ਜੋ ਗੈਰ-ਵਾਜਬ ਅਤੇ ਅਣਚਾਹਿਆ ਹੈ। ਇਹ ਉਹਨਾਂ ਪੰਜਾਬੀ ਨੌਜਵਾਨਾਂ ਲਈ ਬਹੁਤ ਵੱਡਾ ਘਾਟਾ ਹੈ ਜੋ ਫੌਜ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਦੀ ਤਰਸਯੋਗ ਸਥਿਤੀ ਨੂੰ ਦਰਸਾਉਂਦਾ ਹੈ ਕਿਉਂਕਿ ਸੱਤਾ ਵਿੱਚ ਆਈ ਪਾਰਟੀ ਆਪਣੇ ਨੌਜਵਾਨਾਂ ਦੀ ਪਰਵਾਹ ਕੀਤੇ ਬਿਨਾਂ ਲਾਪਰਵਾਹੀ ਨਾਲ ਦੇਸ਼ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਨਮਰਜ਼ੀ ਦੇ ਫੈਸਲੇ ਕਰਕੇ ਦੇਸ਼ ਦੇ ਨੌਜਵਾਨ ਵਿਰੋਧ ਕਰਨ ਲਈ ਸੜਕਾਂ ‘ਤੇ ਆ ਗਏ ਹਨ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਇਸ ਕਦਮ ਦਾ ਡਟਵਾਂ ਵਿਰੋਧ ਕਰਦੀ ਹੈ ਜੋ ਨੌਜਵਾਨਾਂ ਨੂੰ ਉਮਰ ਭਰ ਦੇਸ਼ ਦੀ ਸੇਵਾ ਕਰਨ ਦੇ ਮੌਕੇ ਤੋਂ ਵਾਂਝਾ ਰੱਖਦੀ ਹੈ ਅਤੇ ਸਿਰਫ਼ ਚਾਰ ਸਾਲ ਦੀ ਸੇਵਾ ਤੋਂ ਬਾਅਦ ਬੇਕਾਰ ਕਰ ਦਿੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਇੱਕ ਵੀ ਨੌਜਵਾਨ ਨੂੰ ਫੌਜ ਵਿੱਚ ਨੌਕਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਇਸ ‘ਅਗਨੀਪਥ’ ਕਦਮ ਰਾਹੀਂ ਕੇਂਦਰ ਇੱਕ ਨੌਜਵਾਨ ਨੂੰ ਸਿਰਫ਼ ਚਾਰ ਸਾਲ ਤੱਕ ਫੌਜ ਵਿੱਚ ਸੇਵਾ ਕਰਨ ਦੀ ਇਜਾਜ਼ਤ ਦੇ ਰਿਹਾ ਹੈ ਅਤੇ ਉਹ ਵੀ ਬਿਨਾਂ ਪੈਨਸ਼ਨ ਦੇ।
ਸੀ.ਐੱਮ. ਮਾਨ ਨੇ ਕਿਹਾ ਕਿ ਇਹ ਭਾਰਤੀ ਫੌਜ ਦਾ ਘੋਰ ਅਪਮਾਨ ਹੈ, ਜਿਸ ਕੋਲ ਬਹਾਦਰੀ, ਕੁਰਬਾਨੀ ਅਤੇ ਨਿਰਸਵਾਰਥ ਸੇਵਾ ਨਾਲ ਦੇਸ਼ ਦੀ ਸੇਵਾ ਕਰਨ ਦਾ ਸ਼ਾਨਦਾਰ ਵਿਰਸਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਕਦਮ ਰਾਹੀਂ ਦੇਸ਼ ਦੇ ਨੌਜਵਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਕੋਝੀ ਹਰਕਤ ਦਾ ਨਤੀਜਾ ਹੈ ਨੌਜਵਾਨਾਂ ਵਿੱਚ ਫੈਲਿਆ ਗੁੱਸਾ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਭਾਰਤ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ।