ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰਨਤੋੜ ਕੀਤੀ। ਨੌਜਵਾਨ ਡੰਡੇ, ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ। ਉਨ੍ਹਾਂ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੀਆਂ ਗੱਡੀਆਂ ਦੀ ਭੰਨਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ। ਇਸ ਦੌਰਾਨ ਨੌਜਵਾਨਾਂ ਨੇ ਪੁਲਿਸ ‘ਤੇ ਪਥਰਾਅ ਵੀ ਕੀਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਨੌਜਵਾਨ ਥਾਣਾ ਡਿਵੀਜ਼ਨ ਨੰਬਰ 5 ਦੇ ਬਾਹਰ ਪੁੱਜੇ, ਜਿੱਥੇ ਉਨ੍ਹਾਂ ਨੇ ਪੁਲਿਸ ਦੀ ਗਸ਼ਤ ਕਾਰ ਦੀ ਭੰਨਤੋੜ ਕੀਤੀ।
ਮਾਹੌਲ ਨੂੰ ਦੇਖਦਿਆਂ ਸੀਨੀਅਰ ਡੀਐਸਸੀ ਰਜਨੀਸ਼ ਤ੍ਰਿਪਾਠੀ, ਫਿਰੋਜ਼ਪੁਰ ਡਵੀਜ਼ਨਲ ਰੇਲਵੇ ਦੇ ਸੁਰੱਖਿਆ ਬਲ, ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਪਹੁੰਚੇ। ਪੁਲਿਸ ਨੇ ਰੇਲਵੇ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕੀਤਾ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ’ਤੇ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਸਟੇਸ਼ਨ ਨੂੰ ਚਾਰੇ ਪਾਸਿਓਂ ਘੇਰ ਲਿਆ।
ਪੁਲਿਸ ਕਮਿਸ਼ਨਰ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਦੇ ਨਾਲ ਹੋਰ ਕਿੰਨੇ ਲੋਕ ਸਨ। ਹਮਲਾਵਰ ਸਟੇਸ਼ਨ ਦੀ ਭੰਨਤੋੜ ਕਰਕੇ ਸ਼ਹਿਰ ਵਿੱਚ ਖਿੱਲਰ ਗਏ।
ਜਲੰਧਰ ਵਿੱਚ ਵੀ ਅੱਜ ਸਵੇਰੇ ਨੌਜਵਾਨਾਂ ਨੇ ਇਕੱਠੇ ਹੋ ਕੇ ਸਵੇਰੇ ਪੀ.ਏ.ਪੀ. ਚੌਂਕ ‘ਤੇ ਜਾਮ ਲਾ ਦਿੱਤਾ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪ੍ਰਦਰਸ਼ਨਕਾਰੀ ਨੌਜਵਾਨਾਂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਨਾਲ ਕੋਈ ਸਿਆਸਤ ਨਹੀਂ ਕੀਤੀ ਜਾਏਗੀ। ਨੌਜਵਾਨਾਂ ਨੂੰ ਪ੍ਰੋਟੈਸਟ ਖਤਮ ਕਰਨ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਕਰਨ।
ਵੀਡੀਓ ਲਈ ਕਲਿੱਕ ਕਰੋ -: