ਸੰਗਰੂਰ ਜਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਗੁਰਮੇਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਲਈ ‘ਆਪ’ ਸੁਪਰੀਮੋ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਕਰਨ ਲਈ ਸੰਗਰੂਰ ਪੁੱਜੇ ਸਨ, ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।
ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਸੂਬੇ ’ਚੋਂ ਭ੍ਰਿਸ਼ਟਾਚਾਰ ਦਾ ਸਫਾਇਆ ਕਰ ਰਹੀ ਹੈ। ਅਸੀਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਾਂਗੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਭ੍ਰਿਸ਼ਟਾਚਾਰ ਕਰਨ ਵਾਲਾ ਆਪਣਾ ਹੋਵੇ ਜਾਂ ਪਰਾਇਆ, ਕਿਸੇ ਨੂੰ ਵੀ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ‘ਆਪ’ ਵੱਲੋਂ ਆਪਣੀ ਹੀ ਪਾਰਟੀ ਦੇ ਮੰਤਰੀ ਖਿਲਾਫ ਕਾਰਵਾਈ ਕੀਤੀ ਗਈ ਤੇ ਉਸ ਨੂੰ ਗ੍ਰਿਫਤਾਰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਖਿਲਾਫ ਵੀ ਜਾਂਚ ਕਰ ਰਹੇ ਹਾਂ ਤੇ ਜੇਕਰ ਕੋਈ ਇਸ ਵਿਚ ਦੋਸ਼ੀ ਪਾਇਆ ਗਿਆ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।
ਚੁਣਾਵੀ ਵਾਅਦਿਆਂ ਬਾਰੇ ਗੱਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਤਾ ਸੰਭਾਲਦਿਆਂ ਹੀ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਮੁਫਤ ਬਿਜਲੀ ਬਾਰੇ ਕੇਜਰੀਵਾਲ ਨੇ ਐਲਾਨ ਕੀਤਾ ਕਿ 1 ਜੁਲਾਈ ਤੋਂ ਪੂਰੇ ਪੰਜਾਬ ਵਿਚ ਮੁਫਤ ਬਿਜਲੀ ਦਿੱਤੀ ਜਾਵੇਗੀ ਤੇ ਨਾਲ ਹੀ ਉੁਨ੍ਹਾਂ ਨੇ ਪੰਜਾਬੀਆਂ ਨੂੰ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਵੋਟ ਪਾਉਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਬਾਈਕ ਨਾਲ ਟਕਰਾਈ ਕਾਰ ਤਾਂ ਗੁੱਸੇ ‘ਚ ਆਏ ਬਾਈਕ ਸਵਾਰਾਂ ਨੇ ਨੌਜਵਾਨ ਦੇ ਸਿਰ ‘ਚ ਮਾਰੀ ਗੋਲੀ
ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਵੀ ਰੋਡ ਸ਼ੋਅ ਮੌਕੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਭਾਰਤ ਦਾ ਸਭ ਤੋਂ ਚੰਗਾ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਸੰਗਰੂਰ ਨੂੰ ਦੇਸ਼ ਦਾ ਉਦਯੋਗਿਕ ਹੱਬ ਵੀ ਬਣਾਇਆ ਜਾਵੇਗਾ। CM ਮਾਨ ਨੇ ਕਿਹਾ ਕਿ 2022 ਦੀਆਂ ਚੋਣਾਂ ਵਿਚ ਪੰਜਾਬੀਆਂ ਨੇ ਬਦਲਾਅ ਲਿਆਂਦਾ ਹੈ ਤੇ ਇਸ ਦੀ ਸ਼ੁਰੂਆਤ 2014 ਵਿਚ ਸੰਗਰੂਰ ਦੇ ਲੋਕਾਂ ਨੇ ਕੀਤੀ ਸੀ ਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਗੁਰਮੇਲ ਸਿੰਘ ਨੂੰ ਜਿਤਾਉਣ ਦੀ ਵੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -: