ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਾਨੂੰਗੋ ਬਲਜੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮਾਛੀਵਾੜਾ ਪੁਲਿਸ ਵੱਲੋਂ ਕਾਨੂੰਗੋ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
MLA ਦਿਆਲਪੁਰਾ ਨੇ ਦੱਸਿਆ ਕਿ ਮੇਹਰਬਾਨ ਵਾਸੀ ਰਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਉਸਦੀ ਜ਼ਮੀਨ ਪਿੰਡ ਉਧੋਵਾਲ ਵਿਖੇ ਹੈ ਜਿਸਦੀ ਤਕਸੀਮ ਤੇ ਦਖ਼ਲ ਵਾਰੰਟ ਲਈ ਮਾਛੀਵਾੜੇ ਦੇ ਕਾਨੂੰਗੋ ਉਸ ਕੋਲੋਂ 40 ਹਜ਼ਾਰ ਰੁਪਏ ਰਿਸ਼ਵਤ ਮੰਗੀ ਤੇ ਆਖਿਰ ਵਿਚ ਸੌਦਾ 25,000 ਵਿਚ ਤੈਅ ਹੋਇਆ। ਇਸ ਤੋਂ ਪਹਿਲਾਂ 10,000 ਦੀ ਰਕਮ ਕਾਨੂੰਗੋ ਨੂੰ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਬਾਕੀ ਰਹਿੰਦੀ 15 ਹਜ਼ਾਰ ਰੁਪਏ ਦੀ ਰਿਸ਼ਵਤ ਅੱਜ ਰਵਿੰਦਰ ਸਿੰਘ ਵੱਲੋਂ ਦਿੱਤੀ ਗਈ ਜਿਸ ਤੋਂ ਬਾਅਦ ਵਿਧਾਇਕ ਦਿਆਲਪੁਰਾ ਮੌਕੇ ’ਤੇ ਪਹੁੰਚੇ ਜਿਥੇ ਕਾਨੂੰਗੋ ਨੂੰ 15000 ਦੀ ਰਿਸ਼ਤਵ ਸਣੇ ਗ੍ਰਿਫਤਾਰ ਕੀਤਾ ਗਿਆ।
ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਤੇ ਜੇਕਰ ਕੋਈ ਅਧਿਕਾਰੀ ਜਾਂ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਤੁਰੰਤ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਵਿਧਾਇਕ ਦਿਆਲਪੁਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਆਪਣਾ ਸਹਿਯੋਗ ਦੇਣ ਤੇ ਜੇਕਰ ਕੋਈ ਵੀ ਅਧਿਕਾਰੀ ਉਨ੍ਹਾਂ ਕੋਲੋਂ ਕਿਸੇ ਕੰਮ ਲਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਲਈ ਤੁਰੰਤ ਹੈਲਪਲਾਈਨ ਨੰਬਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: