ਗੈਂਗਸਟਰ ਲਾਰੈਂਸ ਦੇ ਨਾਲ-ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸੀ। ਮੂਸੇਵਾਲਾ ਨੂੰ ਮਾਰਨ ਵਾਲੇ ਦੋ ਸ਼ਾਰਪ ਸ਼ੂਟਰ ਜੱਗੂ ਨੇ ਮੁਹੱਈਆ ਕਰਵਾਏ ਸਨ। ਜੱਗੂ ਗੈਂਗਸਟਰ ਲਾਰੈਂਸ ਵਾਲੇ ਸਿੰਡੀਕੇਟ ਦਾ ਮੈਂਬਰ ਹੈ। ਇਸ ਗੱਲ ਦਾ ਖੁਲਾਸਾ ਹੋਣ ਤੋਂ ਬਾਅਦ ਪੁਲਿਸ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ।
ਉਥੋਂ ਪੁਲਿਸ ਨੂੰ ਜੱਗੂ ਦਾ ਪ੍ਰੋਡਕਸ਼ਨ ਵਾਰੰਟ ਮਿਲਿਆ, ਜਿਸ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਹੁਣ ਪੁਲਿਸ ਨੇ ਜੱਗੂ ਦਾ ਟਰਾਂਜ਼ਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ। ਉਸ ਨੂੰ ਮਾਨਸਾ ਲਿਆਂਦਾ ਜਾ ਰਿਹਾ ਹੈ। ਇੱਥੇ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ। ਪੰਜਾਬ ਪੁਲਿਸ ਵੱਲੋਂ ਲਾਰੈਂਸ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦੇ ਕਤਲ ਵਿੱਚ 4 ਤੋਂ ਵੱਧ ਸ਼ਾਰਪ ਸ਼ੂਟਰ ਸ਼ਾਮਲ ਸਨ। ਇਨ੍ਹਾਂ ‘ਚ ਦਿੱਲੀ ਪੁਲਿਸ ਨੇ ਪ੍ਰਿਯਵਰਤ ਫੌਜੀ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਅੰਕਿਤ ਸੇਰਸਾ, ਜਗਰੂਪ ਰੂਪਾ ਅਤੇ ਮਨੂ ਕੁੱਸਾ ਹੁਣ ਫਰਾਰ ਹਨ। ਪੁਲਿਸ ਨੂੰ ਸ਼ੱਕ ਹੈ ਕਿ ਜਗਰੂਪ ਰੂਪਾ ਅਤੇ ਮਨੂ ਕੁੱਸਾ ਭਗਵਾਨਪੁਰੀਆ ਨੇ ਲਾਰੈਂਸ ਗੈਂਗ ਨੂੰ ਦਿੱਤੇ ਸਨ। ਇਸ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਜੱਗੂ ਭਗਵਾਨਪੁਰੀਆ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ। ਜਿਸ ਵਿੱਚ ਉਸ ਨੇ ਦੱਸਿਆ ਕਿ ਤਿਹਾੜ ਜੇਲ੍ਹ ਵਿੱਚ ਉਹ ਅਤੇ ਲਾਰੈਂਸ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨਾਲ ਗੱਲਬਾਤ ਕਰਦੇ ਸਨ। ਹਾਲਾਂਕਿ, ਬਾਅਦ ਵਿੱਚ ਉਸ ਦੀ ਬੈਰਕ ਬਦਲ ਦਿੱਤੀ ਗਈ ਸੀ। ਉਸ ਤੋਂ ਬਾਅਦ ਉਸ ਨੂੰ ਨਹੀਂ ਪਤਾ ਕਿ ਅੱਗੇ ਕੀ ਹੋਇਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਮਹੀਨਾ ਬੀਤ ਚੁੱਕਾ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਸ਼ਾਰਪ ਸ਼ੂਟਰਾਂ ਦਾ ਸਾਥ ਦੇਣ ਵਾਲੇ ਹਨ। ਪੰਜਾਬ ਪੁਲਿਸ ਦੇ ਹੱਥ ਕੋਈ ਸ਼ਾਰਪ ਸ਼ੂਟਰ ਨਹੀਂ ਲੱਗਾ ਹੈ। ਹਾਲਾਂਕਿ ਦਿੱਲੀ ਪੁਲਿਸ ਨੇ 2 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਪੁਲਿਸ ਕਮਿਸ਼ਨਰ ਐੱਚ.ਜੀ.ਐੱਸ. ਧਾਲੀਵਾਲ ਨੇ ਦੱਸਿਆ ਕਿ ਮੂਸੇਵਾਲਾ ਕਤਲਕਾਂਡ ਦੀ ਸਾਰੀ ਗੁੱਥੀ ਸੁਲਝਾ ਲਈ ਗਈ ਹੈ। ਇਸ ਮਾਮਲੇ ਵਿੱਚ ਅੰਕਿਤ ਸੇਰਸਾ, ਜਗਰੂਪ ਰੂਪਾ ਅਤੇ ਮਨੂ ਕੁੱਸਾ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।