ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਸ਼ਾਰਪ ਸ਼ੂਟਰ ਅੰਕਿਤ ਸਿਰਸਾ ਤੇ ਸਚਿਨ ਭਿਵਾਨੀ ਨੂੰ ਦਿੱਲੀ ਪੁਲਿਸ ਨੇ ਅੱਜ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ। ਦੋਵਾਂ ਮੁਲਜ਼ਮਾਂ ਦੀ ਪੁਲਿਸ ਰਿਮਾਂਡ ਅੱਜ ਖ਼ਤਮ ਹੋ ਰਿਹਾ ਸੀ। ਮੁਲਜ਼ਮਾਂ ਨੂੰ ਬੀਤੇ ਐਤਵਾਰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 5 ਦਿਨਾਂ ਦੀ ਪੁਲਿਸ ਹਿਰਾਸਤ ’ਤੇ ਭੇਜ ਦਿੱਤਾ ਹੈ।
ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਹੀ ਅਜਿਹੇ ਅਪਰਾਧੀ ਹਨ ਜਿਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚਲਾਈਆਂ ਸਨ। ਅੰਕਿਤ ਸੇਰਸਾ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ 3 ਜੁਲਾਈ ਨੂੰ ਕਸ਼ਮੀਰੀ ਗੇਟ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਨੂੰ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ। ਦੱਸ ਦੇਈਏ ਕਿ 29 ਮਈ ਨੂੰ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ ਮਾਨਸਾ ਦੇ ਜਵਾਹਰਕੇ ਪਿੰਡ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਪੰਜਾਬ ਪੁਲਿਸ ਨੇ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ‘ਚ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।