ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਇਨ੍ਹਾਂ ਘਟਨਾਵਾਂ ਲਈ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਕਥਿਤ ਸਾਜ਼ਿਸ਼ਕਾਰ ਕਰਾਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸੋਮਵਾਰ ਨੂੰ ਰਾਮ ਰਹੀਮ ਵੱਲੋਂ ਬੇਅਦਬੀ ਮਾਮਲੇ ਦੀ ਪੰਜਾਬ ਪੁਲਿਸ ਦੀ ਐਸਆਈਟੀ ਦੀ ਬਜਾਏ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੁਣਵਾਈ ਦੌਰਾਨ ਚਲਾਨ ਦੀ ਅਨੁਵਾਦਿਤ ਕਾਪੀ ਪੇਸ਼ ਕੀਤੀ।
ਪੰਜਾਬ ਦੇ ਐਡਵੋਕੇਟ ਜਨਰਲ ਦੇ ਦਿੱਲੀ ‘ਚ ਹੋਣ ਕਾਰਨ ਸਰਕਾਰ ਦੀ ਬੇਨਤੀ ‘ਤੇ ਹਾਈਕੋਰਟ ਨੇ ਹੁਣ ਮਾਮਲੇ ਦੀ ਸੁਣਵਾਈ 19 ਜੁਲਾਈ ਨੂੰ ਤੈਅ ਕੀਤੀ ਹੈ। ਪੰਜਾਬ ਸਰਕਾਰ ਨੇ ਪਿਛਲੀ ਸੁਣਵਾਈ ‘ਤੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਜਵਾਬ ਦਾਇਰ ਕਰਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਸੀਬੀਆਈ ਜਾਂਚ ਦੇ ਆਦੇਸ਼ ਨੂੰ ਵਾਪਸ ਲੈਣ ਲਈ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਹੈ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ ਸੀ। ਸਰਕਾਰ ਨੇ ਕਿਹਾ ਸੀ ਕਿ ਇਸ ਤਰ੍ਹਾਂ ਇਸ ਮੰਗ ਸਬੰਧੀ ਮੁੜ ਪਟੀਸ਼ਨ ਦਾਇਰ ਕਰਨਾ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੈ। ਪੰਜਾਬ ਸਰਕਾਰ ਨੇ ਰਾਮ ਰਹੀਮ ਦੀ ਪਟੀਸ਼ਨ ਨੂੰ ਖਾਰਿਜ ਕਰਨ ਲਈ ਹਾਈਕੋਰਟ ਨੂੰ ਅਪੀਲ ਕੀਤੀ ਸੀ।
ਰਾਮ ਰਹੀਮ ਦੇ ਵਕੀਲ ਨੇ ਅਦਾਲਤ ਵਿੱਚ ਦੱਸਿਆ ਕਿ ਮਾਮਲੇ ਨੂੰ ਗੰਭੀਰ ਸਮਝਦੇ ਹੋਏ ਪੰਜਾਬ ਸਰਕਾਰ ਨੇ 2015 ਵਿੱਚ ਜਾਂਚ ਐਸਆਈਟੀ ਨੂੰ ਸੌਂਪ ਦਿੱਤੀ ਸੀ। ਇਸ ਤੋਂ ਬਾਅਦ ਜਿਵੇਂ ਹੀ ਸਰਕਾਰ ਬਦਲੀ ਤਾਂ ਵਿਧਾਨ ਸਭਾ ਵਿੱਚ ਮਤਾ ਲਿਆ ਕੇ ਸੀਬੀਆਈ ਤੋਂ ਜਾਂਚ ਵਾਪਸ ਲੈ ਲਈ ਗਈ। ਰਾਮ ਰਹੀਮ ਨੇ ਕਿਹਾ ਕਿ ਇਕ ਦੋਸ਼ੀ ਦੇ ਬਿਆਨ ਦੇ ਆਧਾਰ ‘ਤੇ ਪਟੀਸ਼ਨਕਰਤਾ ਨੂੰ ਜਾਂਚ ‘ਚ ਸ਼ਾਮਲ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ। ਹਾਈਕੋਰਟ ਦੇ ਦਖਲ ਤੋਂ ਬਾਅਦ ਪੰਜਾਬ ਪੁਲਿਸ ਨੂੰ ਸੁਨਾਰੀਆ ਜੇਲ੍ਹ ਤੋਂ ਹੀ ਪੁੱਛਗਿੱਛ ‘ਚ ਸ਼ਾਮਿਲ ਕੀਤਾ ਗਿਆ। ਰਾਮ ਰਹੀਮ ਨੇ ਕਿਹਾ ਕਿ ਉਸ ਨੂੰ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਸੀਬੀਆਈ ਜਾਂਚ ਬਹੁਤ ਅਹਿਮ ਹੈ।
ਵੀਡੀਓ ਲਈ ਕਲਿੱਕ ਕਰੋ -: