ਪੰਜਾਬ ‘ਚ ਮੰਗਲਵਾਰ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਤਿੰਨ ਦਿਨ ਮੀਂਹ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰਦਿਆਂ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਮੀਂਹ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।
ਮੰਗਲਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਦੁਆਬੇ ਦੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਦੋਂ ਕਿ ਪੂਰਬੀ ਮਾਲਵੇ ਵਿੱਚ ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਸਕਦੀ ਹੈ। ਅਜਿਹੇ ‘ਚ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ‘ਚ ਜਾਣ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹੋ।
ਇਹ ਵੀ ਪੜ੍ਹੋ : ਪੰਜਾਬ ਨੇ ਕੇਂਦਰ ਤੋਂ ਮੰਗੇ RDF ਦੇ 1760 ਕਰੋੜ ਰੁਪਏ, ਰਾਜਪਾਲ ਨੇ ਸੋਧ ਨੂੰ ਦਿੱਤੀ ਮਨਜ਼ੂਰੀ
ਦੂਜੇ ਪਾਸੇ ਪਠਾਨਕੋਟ ਵਿੱਚ ਸੋਮਵਾਰ ਨੂੰ 38.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿੱਚ 59.5 ਮਿਲੀਮੀਟਰ, ਬਠਿੰਡਾ ਵਿੱਚ 6.8 ਮਿਲੀਮੀਟਰ, ਮੁਕਤਸਰ ਵਿੱਚ 10.5 ਅਤੇ ਰੋਪੜ ਵਿੱਚ 9.0 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: