ਚੰਡੀਗੜ੍ਹ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਮੰਡੀ ਬੋਰਡ ਸੂਬੇ ਭਰ ਵਿੱਚ ਸਸਤੀ ਬਿਜਲੀ ਮੁਹੱਈਆ ਕਰਵਾਉਣ ਲਈ ਸਾਰੀਆਂ ਮੰਡੀਆਂ ਵਿੱਚ ਸੋਲਰ ਪਾਵਰ ਪਲਾਂਟ ਲਗਾਏਗਾ। ਇਹ ਪ੍ਰਗਟਾਵਾ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਧਾਲੀਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਦੀਆਂ ਸਾਰੀਆਂ ਅਨਾਜ ਅਤੇ ਸਬਜ਼ੀ ਮੰਡੀਆਂ ਵਿੱਚ ਸੋਲਰ ਪਾਵਰ ਪਲਾਂਟ ਲਗਾਉਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਪਾਇਲਟ ਪ੍ਰਾਜੈਕਟ ਤਹਿਤ ਚਾਰ ਮੰਡੀਆਂ ਵਿੱਚ ਨੈੱਟ ਮੀਟਰਿੰਗ ਰੂਫ ਟੌਪ ਸੋਲਰ ਪਾਵਰ ਪਲਾਂਟ ਲਗਾਏ ਜਾ ਰਹੇ ਹਨ ਅਤੇ ਅਜਿਹੇ ਸੋਲਰ ਪਾਵਰ ਪਲਾਂਟ 23 ਮੰਡੀਆਂ ਵਿੱਚ ਲਗਾਏ ਜਾਣਗੇ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਰੀਆਂ ਅਨਾਜ ਅਤੇ ਸਬਜ਼ੀ ਮੰਡੀਆਂ ਵਿੱਚ ਨੈੱਟ ਮੋਨੀਟਰਿੰਗ ਸੋਲਰ ਪਾਵਰ ਪਲਾਂਟ ਲਗਾਉਣ ਲਈ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਨੇ ਅਜਿਹੇ ਸ਼ੈੱਡ ਲਗਾਉਣ ਦੇ ਨਿਰਦੇਸ਼ ਦਿੱਤੇ ਜਿਨ੍ਹਾਂ ‘ਤੇ ਸੋਲਰ ਪੈਨਲ ਆਸਾਨੀ ਨਾਲ ਲਗਾਏ ਜਾ ਸਕਣ।
ਇਸ ਮੌਕੇ ਸਬਜ਼ੀ ਮੰਡੀਆਂ ਵਿੱਚ ਸਫ਼ਾਈ ਦੀ ਘਾਟ, ਜਿਸ ਕਾਰਨ ਬਦਬੂ ਆਉਂਦੀ ਹੈ, ਦੇ ਮੁੱਦੇ ‘ਤੇ ਵਿਚਾਰ ਕਰਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬਜ਼ੀ ਮੰਡੀਆਂ ਦੀ ਰੋਜ਼ਾਨਾ ਸਫ਼ਾਈ ਨੂੰ ਯਕੀਨੀ ਬਣਾਉਣ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਖੇਤੀਬਾੜੀ ਮੰਤਰੀ ਨੇ ਮੰਡੀ ਬੋਰਡ ਅਧੀਨ ਆਉਂਦੀਆਂ ਲਿੰਕ ਸੜਕਾਂ ਨੂੰ ਪੱਕਾ ਕਰਨ ਅਤੇ 18 ਫੁੱਟ ਚੌੜੀਆਂ ਕਰਨ ਲਈ ਕਾਰਵਾਈ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਟੁੱਟੀਆਂ ਲਿੰਕ ਸੜਕਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ।
ਕੁਲਦੀਪ ਧਾਲੀਵਾਲ ਨੇ ਅਹਿਮ ਫੈਸਲਾ ਲੈਂਦਿਆਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਫੋਕਲ ਪੁਆਇੰਟ ਦੀ ਖਾਲੀ ਪਈ ਜ਼ਮੀਨ ਨੂੰ ਵਰਤੋਂ ਵਿੱਚ ਲਿਆਉਣ ਲਈ ਜਲਦੀ ਤੋਂ ਜਲਦੀ ਰਿਪੋਰਟ ਦੇਣ ਲਈ ਕਿਹਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।