ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਸੁਨਾਮ ਪਹੁੰਚੇ ਅਤੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਵਿਖੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ । ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਇਸ ਤੋਂ ਬਾਅਦ CM ਮਾਨ ਨੇ ਮੈਮੋਰੀਅਲ ਵਿਖੇ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਕੁਝ ਚੀਜ਼ਾਂ ਨੂੰ ਵੀ ਦੇਖਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਸ਼ਹੀਦ ਊਧਮ ਸਿੰਘ ਜੀ ਦੀ ਇਹ ਧਰਤੀ ਮੇਰੀ ਜਨਮ ਭੂਮੀ ਵੀ ਹੈ ਅਤੇ ਮੇਰੀ ਕਰਮ ਭੂਮੀ ਵੀ । CM ਮਾਨ ਨੇ ਕਿਹਾ ਕਿ 21 ਸਾਲ ਦੀ ਉਮਰ ‘ਚ ਜਲ੍ਹਿਆਂਵਾਲਾ ਬਾਗ ਕਤਲਕਾਂਡ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਦੀ ਧਰਤੀ ‘ਤੇ ਜਲਦ ਹੀ ਸਟੇਡੀਅਮ ਉਸਾਰਿਆ ਜਾਵੇਗਾ।
ਇਸ ਤੋਂ ਇਲਾਵਾ CM ਮਾਨ ਨੇ ਸ਼ਹੀਦ ਭਗਤ ਸਿੰਘ ‘ਤੇ ਟਿੱਪਣੀ ਕਰਨ ਦੇ ਮਾਮਲੇ ਵਿੱਚ ਸਿਮਰਨਜੀਤ ਮਾਨ ‘ਤੇ ਤੰਜ ਕੱਸਦਿਆਂ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਦਾ ਸਰਟੀਫਿਕੇਟ ਕਿਸੇ ਤੋਂ ਲੈਣ ਦੀ ਲੋੜ ਨਹੀਂ । ਅਜਿਹੇ ਲੋਕ ਦੇਸ਼ ਪ੍ਰਤੀ ਵਫ਼ਾਦਾਰ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਹੀ ਕਾਫੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿਆਸੀ ਰੋਟੀਆਂ ਸੇਕਣ ਲਈ ਸ਼ਹੀਦ ਭਗਤ ਸਿੰਘ ‘ਤੇ ਸਵਾਲ ਚੁੱਕ ਰਹੇ ਹਨ, ਉਨ੍ਹਾਂ ਨੂੰ ਦੇਸ਼ ਕਦੇ ਵੀ ਮੁਆਫ਼ ਨਹੀਂ ਕਰੇਗਾ।
ਇਹ ਵੀ ਪੜ੍ਹੋ: ਮਾਲੇਰਕੋਟਲਾ ਤੋਂ ਵੱਡੀ ਖ਼ਬਰ, ‘ਆਪ’ ਕੌਂਸਲਰ ਅਕਬਰ ਭੋਲੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
ਇਸ ਤੋਂ ਅੱਗੇ CM ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਨੂੰ ਆਜ਼ਾਦੀ ਮਿਲੀ ਹੈ । ਉਨ੍ਹਾਂ ਕਿਹਾ ਕਿ ਜਦੋਂ ਕੋਈ ਸ਼ਹੀਦਾਂ ਦੀ ਸ਼ਹਾਦਤ ‘ਤੇ ਸਵਾਲ ਚੁੱਕਦਾ ਹੈ ਤਾਂ ਬਹੁਤ ਜ਼ਿਆਦਾ ਦੁੱਖ ਹੁੰਦਾ ਹੈ । ਉਨ੍ਹਾਂ ਕਿਹਾ ਕਿ ਸੁਨਾਮ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ, ਜਿੱਥੋਂ ਦੇ ਪਿੰਡਾਂ ਦੇ ਸੈਂਕੜੇ ਨੌਜਵਾਨ ਫੌਜ ਵਿੱਚ ਦੇਸ਼ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ‘ਤੇ ਸਵਾਲ ਚੁੱਕਣ ਵਾਲਿਆਂ ‘ਤੇ ਕਦੇ ਵੀ ਵਿਸ਼ਵਾਸ ਨਾ ਕਰੋ, ਅਜਿਹੇ ਲੋਕ ਕਦੇ ਵੀ ਦੇਸ਼ ਦੇ ਵਫ਼ਾਦਾਰ ਨਹੀਂ ਹੋ ਸਕਦੇ।
ਵੀਡੀਓ ਲਈ ਕਲਿੱਕ ਕਰੋ -: