ਚੰਡੀਗੜ੍ਹ : ਰੱਖੜੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਵਿਖੇ ਜਲਦੀ ਹੀ ਮੈਡੀਕਲ ਕਾਲਜ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਮਾਲੇਰਕੋਟਲਾ ਦੇ ਕੋਟ ਸ਼ੇਰਵਾਨੀ ਵਿਖੇ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਹ ਦੋਵੇਂ ਕਾਲਜ ਕੇਂਦਰ ਸਰਕਾਰ ਦੀ ਮਦਦ ਨਾਲ ਬਣਾਏ ਜਾਣਗੇ।
ਸੀ.ਐੱਮ. ਮਾਨ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਉਤਸ਼ਾਹਤ ਕਰਨ ਲਈ ਮਾਲੇਰਕੋਟਲਾ ਵਿੱਚ ਮੈਡੀਕਲ ਕਾਲਜ ਅਤੇ ਕਲਾਨੌਰ (ਗੁਰਦਾਸਪੁਰ) ਵਿੱਚ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ। ਵੀਰਵਾਰ ਨੂੰ ਮੁੱਖ ਮੰਤਰੀ ਨੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਫੈਸਲਾ ਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਕੋਟ ਸ਼ੇਰਵਾਨੀ ਵਿਖੇ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੈਡੀਕਲ ਕਾਲਜ ਪੰਜਾਬ ਅਤੇ ਖਾਸ ਤੌਰ ਤੇ ਮਾਲਵਾ ਖੇਤਰ ਨੂੰ ਮਿਆਰੀ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਇਕ ਧੁਰੇ ਵਜੋਂ ਕੰਮ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਲਜ ਮਾਲੇਰਕੋਟਲਾ ਨੂੰ ਦੇਸ਼ ਦੇ ਨਕਸ਼ੇ
ਤੇ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰੇਗਾ।
ਇਕ ਹੋਰ ਏਜੰਡੇ `ਤੇ ਵਿਚਾਰ ਕਰਦੇ ਹੋਏ ਮੁੱਖ ਮੰਤਰੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਕਸਬੇ ਵਿਖੇ ਖੇਤੀਬਾੜੀ ਕਾਲਜ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਾਲਜ ਖੇਤੀਬਾੜੀ ਦੇ ਵਿਸ਼ਾਲ ਖੇਤਰ ਵਿੱਚ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਗਾਂਹਵਧੂ ਅਤੇ ਖੇਤੀਬਾੜੀ ਦੇ ਮਸ਼ੀਨੀਕਰਨ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਵਿੱਚ ਅਜਿਹੇ ਪ੍ਰਮੁੱਖ ਵਿਦਿਅਕ ਅਦਾਰੇ ਸਮੇਂ ਦੀ ਲੋੜ ਹਨ ਤਾਂ ਜੋ ਇਸ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣ ਸਕੇ।
ਇਹ ਵੀ ਪੜ੍ਹੋ : ਮਾਨ ਕੈਬਨਿਟ ਦਾ ਫੈਸਲਾ, ਵਾਜਬ ਦਰਾਂ ‘ਤੇ ਨਿਰਮਾਣ ਸਮੱਗਰੀ ਲਈ ਰੇਤ ਤੇ ਬੱਜਰੀ ਦੀ ਮਾਈਨਿੰਗ ਨੀਤੀ ‘ਚ ਸੋਧ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਬਣ ਰਹੇ ਇਨ੍ਹਾਂ ਦੋਵੇਂ ਮਾਣਮੱਤੇ ਪ੍ਰਾਜੈਕਟਾਂ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਤਿਆਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: