ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮੌਕੇ ਨਿੱਜੀ ਦਖਲ ਦੇ ਕੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ, ਜੋਕਿ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਬੰਦ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਚਿੱਠੀ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ ਤੇ ਉਨ੍ਹਾਂ ਦੀਆਂ ਉਮਰ ਕੈਦ ਦੀਆਂ ਸਜ਼ਾਵਾਂ ਮੁਆਫ ਕਰਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਤੇ ਉਹ ਵੱਖ-ਵੱਖ ਜੇਲ੍ਹਾਂ ਵਿਚ 27 ਸਾਲਾਂ ਤੋਂ ਵੱਧ ਸਮੇਂ ਤੱਕ ਰੁਲ ਰਹੇ ਹਨ।
ਅਕਾਲੀ ਦਲ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ।
ਵੀਡੀਓ ਲਈ ਕਲਿੱਕ ਕਰੋ -: