ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਪੀਐਸਪੀਸੀਐਲ ਸਬ ਡਵੀਜ਼ਨ ਕਲਿਆਣ ਵਿੱਚ ਤਾਇਨਾਤ ਲਾਈਨਮੈਨ ਕ੍ਰਿਸ਼ਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਲਾਈਨਮੈਨ ਨੂੰ ਸੁਖਵਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਕ੍ਰਿਸ਼ਨ ਕੁਮਾਰ ਨੇ ਆਪਣੇ ਪਲਾਟ ਨਾਭਾ ਰੋਡ ਪਟਿਆਲਾ ਵਿਖੇ ਘਰੇਲੂ ਬਿਜਲੀ ਦਾ ਮੀਟਰ ਲਗਾਉਣ ਲਈ ਪਹਿਲਾਂ ਹੀ 3,000 ਰੁਪਏ ਦੀ ਰਿਸ਼ਵਤ ਲੈ ਲਈ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਉਸਨੇ ਅੱਗੇ ਕਿਹਾ ਕਿ ਦੋਸ਼ੀ ਲਾਈਨਮੈਨ ਹੁਣ ਪੀ.ਐਸ.ਪੀ.ਸੀ.ਐਲ. ਕਲਿਆਣ ਵਿਖੇ ਤਾਇਨਾਤ ਸਬੰਧਤ ਐਸ.ਡੀ.ਓ ਅਤੇ 2 ਜੇ.ਈਜ਼ ਨਾਲ ਸਾਂਝਾ ਕਰਨ ਲਈ ਰਿਸ਼ਵਤ ਵਜੋਂ 10,000 ਰੁਪਏ ਹੋਰ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਦੋਸ਼ੀ ਲਾਈਨਮੈਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਪਰੋਕਤ ਸਾਰੇ ਦੋਸ਼ੀਆਂ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।